
ਕਿਹਾ : ਭਾਰਤੀ ਜਮਹੂਰੀਅਤ ਨੂੰ ‘ਤਬਾਹ’ ਕਰਨ ਵਾਲਿਆਂ ਨੂੰ ਬਚਾਅ ਰਿਹਾ ਚੋਣ ਕਮਿਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਭਾਰਤੀ ਜਮਹੂਰੀਅਤ ਨੂੰ ‘ਤਬਾਹ’ ਕਰਨ ਵਾਲਿਆਂ ਨੂੰ ਬਚਾਅ ਰਿਹਾ ਹੈ। ਨਵੀਂ ਦਿੱਲੀ ’ਚ ਪੈ੍ਰਸ ਕਾਨਫਰੰਸ ਦੌਰਾਨ ਰਾਹੁਲ ਨੇ ਕਿਹਾ ਕਿ ਕੁਝ ਲੋਕ ਲੱਖਾਂ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿਚੋਂ ਮਿਟਾਉਣ ਦੇ ਮਕਸਦ ਨਾਲ ਘੱਟਗਿਣਤੀਆਂ ਤੇ ਦਲਿਤਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾ ਰਹੇ ਹਨ। ਰਾਹੁਲ ਨੇ ਦਾਅਵਾ ਕੀਤਾ ਕਿ ਕਰਨਾਟਕ ਦੇ ਅਲਾਪੁਜ਼ਾ ਵਿਚ ਕਾਂਗਰਸੀ ਵੋਟਰਾਂ ਨੂੰ ਨਿਸ਼ਾਨਾ ਬਣਾਉਣ ਲਈ ਫਰਜ਼ੀ ਲੋਕਾਂ ਵਲੋਂ ਅਰਜ਼ੀਆਂ ਦਾਇਰ ਕੀਤੀਆਂ ਗਈਆਂ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਵੋਟਾਂ ਮਿਟਾਉਣ ਦਾ ਕੰਮ ਕਿਸੇ ਵਿਅਕਤੀ ਰਾਹੀਂ ਨਹੀਂ, ਬਲਕਿ ਸਾਫਟਵੇਅਰ ਦੀ ਵਰਤੋਂ ਕਰਕੇ ਕੇਂਦਰੀਕ੍ਰਿਤ ਤਰੀਕੇ ਨਾਲ ਕੀਤਾ ਗਿਆ ਹੈ। ਰਾਹੁਲ ਨੇ ਕਿਹਾ ਕਿ ਚੋਣ ਕਮਿਸ਼ਨ ਅਜਿਹਾ ਕਰਕੇ ਜਮਹੂਰੀਅਤ ਦੇ ਦੋਸ਼ੀਆਂ ਨੂੰ ਬਚਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਨਾਟਕ, ਮਹਾਰਾਸ਼ਟਰ, ਹਰਿਆਣਾ ਅਤੇ ਯੂਪੀ ਵਿਚ ਵੋਟਰਾਂ ਦੇ ਨਾਮ ਵੱਡੇ ਪੱਧਰ ’ਤੇ ਮਿਟਾਏ ਜਾ ਰਹੇ ਹਨ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਭਾਰਤੀ ਜਮਹੂਰੀਅਤ ਦਾ ਕਤਲ ਕਰਨ ਵਾਲੇ ਲੋਕਾਂ ਦਾ ਪੱਖ ਨਹੀਂ ਲੈਣਾ ਚਾਹੀਦਾ। ਇਸੇ ਦੌਰਾਨ ਭਾਰਤੀ ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਵਲੋਂ ਲਗਾਏ ਗਏ ਆਰੋਪਾਂ ਨੂੰ ਗਲਤ ਅਤੇ ਬੇਬੁਨਿਆਦ ਦੱਸਿਆ ਹੈ।

