
ਸ਼ਾਂਤੀ ਬਹਾਲੀ ਲਈ ਹਰ ਸੰਭਵ ਸਹਿਯੋਗ ਤੇ ਹਮਾਇਤ ਦਾ ਦਿੱਤਾ ਭਰੋਸਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਆਪਣੀ ਨੇਪਾਲੀ ਹਮਰੁਤਬਾ ਸੁਸ਼ੀਲਾ ਕਾਰਕੀ ਨਾਲ ਗੱਲ ਕੀਤੀ ਹੈ। ਪੀਐਮ ਮੋਦੀ ਨੇ ਸੁਸ਼ੀਲਾ ਕਾਰਕੀ ਨੂੰ ਨੇਪਾਲ ਵਿਚ ਸ਼ਾਂਤੀ ਬਹਾਲੀ ਲਈ ਹਰ ਸੰਭਵ ਸਹਿਯੋਗ ਤੇ ਹਮਾਇਤ ਦਾ ਭਰੋਸਾ ਦਿੱਤਾ ਹੈ। ਮੋਦੀ ਨੇ ਕਿਹਾ ਕਿ ਕਾਰਕੀ ਨਾਲ ਆਪਣੀ ਗੱਲਬਾਤ ਦੌਰਾਨ ਉਨ੍ਹਾਂ ਨੇ ਗੁਆਂਢੀ ਦੇਸ਼ ਵਿਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੋਏ ਦੁਖਦਾਈ ਨੁਕਸਾਨ ’ਤੇ ਆਪਣੀ ਦਿਲੀ ਸੰਵੇਦਨਾ ਜ਼ਾਹਰ ਕੀਤੀ ਹੈ। ਦੱਸਣਯੋਗ ਹੈ ਕਿ ਪਿਛਲੇ ਹਫਤੇ ਨੇਪਾਲ ਵਿਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿਆਸੀ ਆਗੂਆਂ ਦੇ ਘਰ, ਸੰਸਦ, ਵਪਾਰਕ ਅਦਾਰਿਆਂ ਅਤੇ ਸ਼ਾਪਿੰਗ ਕੰਪਲੈਕਸਾਂ ਸਣੇ ਅਹਿਮ ਸਰਕਾਰੀ ਇਮਾਰਤਾਂ ਨੂੰ ਅੱਗ ਲਗਾ ਦਿੱਤੀ ਸੀ। ਇਸਦੇ ਚੱਲਦਿਆਂ ਸੁਸ਼ੀਲਾ ਕਾਰਕੀ ਨੇ ਲੰਘੀ 12 ਸਤੰਬਰ ਨੂੰ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ।

