
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅਤੇ ਨਾਲ ਲੱਗਦੇ ਪਹਾੜੀ ਇਲਾਕੇ ਵਿਚ ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪਏ ਮੀਂਹ ਕਰਕੇ ਸੁਖਨਾ ਝੀਲ ਵਿਚ ਪਾਣੀ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ। ਇਸ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਝੀਲ ਦਾ ਇਕ ਫਲੱਡ ਗੇਟ ਅੱਜ ਸਵੇਰੇ ਤਿੰਨ ਵਜੇ ਹੀ ਖੋਲ੍ਹ ਦਿੱਤਾ ਸੀ। ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿਚ ਖਤਰੇ ਦਾ ਨਿਸ਼ਾਨ 1163 ਫੁੱਟ ’ਤੇ ਹੈ ਅਤੇ ਅੱਜ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਉਪਰ ਚਲਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਸਾਲ ਆਮ ਨਾਲੋਂ ਜ਼ਿਆਦਾ ਮੀਂਹ ਪੈਣ ਕਰਕੇ ਵਾਰ-ਵਾਰ ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ’ਤੇ ਪਹੁੰਚਦਾ ਰਿਹਾ ਹੈ। ਇਸੇ ਕਰਕੇ ਅੱਜ ਸੁਖਨਾ ਝੀਲ ਦੇ 11ਵੀਂ ਵਾਰ ਗੇਟ ਖੋਲ੍ਹੇ ਗਏ ਹਨ। ਇਸ ਤੋਂ ਪਹਿਲਾਂ ਸਾਲ 2023 ਵਿਚ ਭਾਰੀ ਮੀਂਹ ਪੈਣ ਕਰਕੇ ਝੀਲ ਦੇ 7 ਵਾਰ ਫਲੱਡ ਗੇਟ ਖੋਲ੍ਹੇ ਗਏ ਸਨ।

