ਅਨੰਦ ਮੈਰਿਜ ਐਕਟ ਨੂੰ ਲੈ ਕੇ ਭਾਰਤੀ ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸੁਪਰੀਮ ਕੋਰਟ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਨੰਦ ਕਾਰਜ ਜਾਂ ਸਿੱਖ ਵਿਆਹ ਸਮਾਗਮ ਨੂੰ ਰਜਿਸਟਰ ਕਰਨ ਦੇ ਨਿਯਮਾਂ ਨੂੰ ਚਾਰ ਮਹੀਨਿਆਂ ਦੇ ਅੰਦਰ ਅਧਿਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਰਵਉਚ ਅਦਾਲਤ ਨੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਨਿਯਮ ਬਣਾਉਣ ਲਈ ਕਿਹਾ ਹੈ। ਇਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਜਦੋਂ ਤੱਕ ਅਜਿਹੇ ਨਿਯਮ ਨੋਟੀਫਾਈ ਨਹੀਂ ਹੁੰਦੇ, ਸਿੱਖ ਰਸਮ ‘ਅਨੰਦ ਕਾਰਜ’ ਅਧੀਨ ਕੀਤੇ ਗਏ ਸਾਰੇ ਵਿਆਹ ਬਿਨਾਂ ਕਿਸੇ ਭੇਦਭਾਵ ਦੇ ਮੌਜੂਦਾ ਕਾਨੂੰਨੀ ਢਾਂਚੇ ਅਧੀਨ ਰਜਿਸਟਰਡ ਕੀਤੇ ਜਾਣੇ ਚਾਹੀਦੇ ਹਨ।
17 ਸੂਬਿਆਂ ਤੇ 7 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਦੇਸ਼ ਦਿੱਤੇ ਹਨ ਅਤੇ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਨਿਯਮ ਬਣਾਉਣ ਲਈ ਕਿਹਾ ਹੈ।
ਇਸ ਸਬੰਧੀ ਪਟੀਸ਼ਨ ਪਾਈ ਗਈ ਸੀ ਜਿਸ ਵਿੱਚ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਨੰਦ ਮੈਰਿਜ ਐਕਟ, 1909 (2012 ਵਿੱਚ ਸੋਧੇ ਅਨੁਸਾਰ) ਦੀ ਧਾਰਾ 6 ਦੇ ਤਹਿਤ ਨਿਯਮ ਬਣਾਉਣ ਅਤੇ ਸੂਚਿਤ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਤਾਂ ਕਿ ਸਿੱਖ ਰਸਮਾਂ ਰਾਹੀਂ ਕੀਤੇ ਗਏ ਵਿਆਹਾਂ ਦੀ ਰਜਿਸਟ੍ਰੇਸ਼ਨ ਦੀ ਸਹੂਲਤ ਲਈ ਜਾ ਸਕੇ, ਜਿਸ ਆਨੰਦ ਕਾਰਜ ਕਿਹਾ ਜਾਂਦਾ ਹੈ।

