
ਹਰ ਪੰਜਾਬੀ ਵਿਅਕਤੀ ਕਰਵਾ ਸਕੇਗਾ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅੱਜ ਮੰਗਲਵਾਰ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ, ਜਿਸ ਨਾਲ ਸੂਬੇ ਦਾ ਹਰ ਨਾਗਰਿਕ 10 ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕਰਵਾ ਸਕੇਗਾ। ਇਸ ਯੋਜਨਾ ਦੀ ਸ਼ੁਰੂਆਤ ਬਰਨਾਲਾ ਤੇ ਤਰਨਤਾਰਨ ਜ਼ਿਲ੍ਹਿਆਂ ਤੋਂ ਹੋਈ ਹੈ। ਇਨ੍ਹਾਂ ਦੋਵੇਂ ਜ਼ਿਲ੍ਹਿਆਂ ਵਿਚ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਗਈ ਹੈ ਅਤੇ ਦੋਵੇਂ ਜ਼ਿਲ੍ਹਿਆਂ ਵਿਚ 10-12 ਦਿਨਾਂ ਵਿਚ ਰਜਿਸਟ੍ਰੇਸ਼ਨ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਪੰਜਾਬ ਸਰਕਾਰ ਵਲੋਂ ਜਲਦੀ ਹੀ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਸੂਬੇ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਇਸ ਸਿਹਤ ਯੋਜਨਾ ਵਿਚ ਸਰਕਾਰੀ ਕਰਮਚਾਰੀ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਲੰਘੇ ਕੱਲ੍ਹ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ 23 ਸਤੰਬਰ ਤੋਂ 10 ਲੱਖ ਰੁਪਏ ਵਾਲੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ ਤੇ ਇਸ ਸੰਬੰਧੀ ਰਜਿਸਟ੍ਰੇਸ਼ਨ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਹੋਵੇਗੀ।

