ਸੰਜੀਵ ਅਰੋੜਾ ਨੇ ਵਿਧਾਇਕ ਦੀ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਦੀ ਮੈਂਬਰੀ ਤੋਂ ਦੇ ਦਿੱਤਾ ਸੀ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਖਾਲੀ ਹੋਈ ਰਾਜ ਸਭਾ ਦੀ ਇਕ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਕਰਵਾਈ ਜਾਵੇਗੀ। ਚੋਣ ਕਮਿਸ਼ਨ ਵਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਹੋ ਜਾਵੇਗੀ। ਇਹ ਸੀਟ ਆਮ ਆਦਮੀ ਪਾਰਟੀ ਦੇ ਨੇਤਾ ਸੰਜੀਵ ਅਰੋੜਾ ਦੇ ਲੁਧਿਆਣਾ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਸੀ। ਸੰਜੀਵ ਅਰੋੜਾ ਨੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਚੋਣ ਕਮਿਸ਼ਨ ਵਲੋਂ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ। ਇਸ ਚੋਣ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਸਾਰੇ ਵੱਡੇ ਸਿਆਸੀ ਦਲ ਤਿਆਰੀਆਂ ਵਿਚ ਜੁਟ ਗਏ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸੰਭਾਵੀ ਉਮੀਦਵਾਰਾਂ ਦੇ ਨਾਮਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਰਾਜ ਸਭਾ ਦੀ ਇਹ ਚੋਣ ਪੰਜਾਬ ਦੀ ਰਾਜਨੀਤੀ ਲਈ ਅਹਿਮ ਮੰਨੀ ਜਾ ਰਹੀ ਹੈ।