ਨਾਭਾ : ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਦੋਵਾਂ ਦਰਮਿਆਨ ਇਹ ਬੈਠਕ ਅੱਧੇ ਘੰਟੇ ਦੇ ਕਰੀਬ ਚੱਲੀ। ਇਸ ਮੁਲਾਕਾਤ ਮਗਰੋਂ ਡੇਰਾ ਬਿਆਸ ਦੇ ਮੁਖੀ ਜੇਲ੍ਹ ਦੇ ਬਾਹਰ ਇਕੱਤਰ ਹੋਏ ਲੋਕਾਂ ਨੂੰ ਵੀ ਮਿਲੇ। ਇਸ ਤੋਂ ਬਾਅਦ ਡੇਰਾ ਬਿਆਸ ਮੁਖੀ ਨਾਭਾ ਦੇ ਸ਼ਾਹੀ ਪਰਿਵਾਰ ਦੇ ਵੰਸ਼ਜਾਂ ਨੂੰ ਮਿਲਣ ਲਈ ਹੀਰਾ ਮਹਿਲ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਵੀ ਗਏ। ਦੱਸਣਯੋਗ ਹੈ ਕਿ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਜੀਠੀਆ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਧਿਆਨ ਰਹੇ ਕਿ ਜੇਲ੍ਹ ਪ੍ਰਸ਼ਾਸਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਅਜੇ ਤੱਕ ਬਿਕਰਮ ਮਜੀਠੀਆ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਸੀ। ਲੰਘੇ ਦਿਨਾਂ ਦੌਰਾਨ ਅਕਾਲੀ ਆਗੂ ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਇਹ ਕਹਿ ਕੇ ਜੇਲ੍ਹ ਦੇ ਬਾਹਰੋਂ ਮੋੜ ਦਿੱਤਾ ਗਿਆ ਸੀ ਕਿ ਮਜੀਠੀਆ ਨੂੰ ਸਿਰਫ ਉਨ੍ਹਾਂ ਦੇ ਰਿਸ਼ਤੇਦਾਰ ਹੀ ਮਿਲ ਸਕਦੇ ਹਨ। ਇਸ ਦੇ ਚੱਲਦਿਆਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕੀਤਾ ਹੈ।