18.2 C
Toronto
Sunday, September 28, 2025
spot_img
Homeਭਾਰਤਰਾਹੁਲ ਗਾਂਧੀ ਨੂੰ ਰਾਵੀ ਪਾਰ ਜਾਣ ਤੋਂ ਰੋਕਿਆ

ਰਾਹੁਲ ਗਾਂਧੀ ਨੂੰ ਰਾਵੀ ਪਾਰ ਜਾਣ ਤੋਂ ਰੋਕਿਆ

ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਹੁਲ ਦੀ ਹੋ ਗਈ ਬਹਿਸ
ਗੁਰਦਾਸਪੁਰ/ਬਿਊਰੋ ਨਿਊਜ਼ : ਰਾਹੁਲ ਗਾਂਧੀ ਡੇਰਾ ਬਾਬਾ ਨਾਨਕ ਦੇ ਦੌਰੇ ਮਗਰੋਂ ਦੀਨਾਨਗਰ ਦੇ ਮਕੌੜਾ ਪੱਤਣ ਵੀ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਰਾਹੁਲ ਗਾਂਧੀ ਨੂੰ ਮਕੌੜਾ ਪੱਤਣ ਰਾਵੀ ਨਦੀ ਦੇ ਪਾਰਲੇ 7 ਪਿੰਡਾਂ ਵਿੱਚ ਜਾਣ ਤੋਂ ਰੋਕ ਦਿੱਤਾ ਜਿਸ ਕਾਰਨ ਰਾਹੁਲ ਗਾਂਧੀ ਅਤੇ ਕਾਂਗਰਸੀ ਆਗੂਆਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਹਿਸ ਹੋਈ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਰਾਵੀ ਨਦੀ ਦੇ ਪਾਰ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਮਿਲਣਾ ਚਾਹੁੰਦੇ ਹਨ। ਉਨ੍ਹਾਂ ਨੂੰ ਲੋਕਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ।
ਐੱਸ ਪੀ (ਐੱਚ) ਜੁਗਰਾਜ ਸਿੰਘ ਅਤੇ ਐੱਸਡੀਓ ਜਸਪਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਜਿਸ ਤੋਂ ਬਾਅਦ ਐੱਸਐੱਸਪੀ ਅਦਿੱਤਿਆ ਦੀ ਵੀ ਰਾਹੁਲ ਗਾਂਧੀ ਨਾਲ ਗੱਲ ਹੋਈ। ਰਾਹੁਲ ਗਾਂਧੀ ਨੇ ਕਿਹਾ ਕਿ ਆਪਣੇ ਹੀ ਦੇਸ਼ ਦੇ ਵਿਰੋਧੀ ਧਿਰ ਦੇ ਨੇਤਾ ਨੂੰ ਆਪਣੇ ਹੀ ਦੇਸ਼ ਅੰਦਰ ਜਾਣ ਤੋਂ ਰੋਕੇ ਜਾਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਕਿਹਾ ਕਿ ਇਸ ਸਬੰਧੀ ਲਿਖ ਕੇ ਦਿੱਤਾ ਜਾਵੇ ਪਰ ਪ੍ਰਸ਼ਾਸਨ ਵੱਲੋਂ ਇਨਕਾਰ ਕਰਨ ‘ਤੇ ਉਨ੍ਹਾਂ ਕਿਹਾ ਕਿ ਜੇਕਰ ਦਰਿਆ ਪਾਰ ਨਹੀਂ ਜਾਣ ਦੇਣਾ ਚਾਹੁੰਦੇ ਤਾਂ ਉੱਥੋਂ ਦੇ ਲੋਕਾਂ ਨੂੰ ਇੱਧਰ ਬੁਲਾਓ ਜਿਸ ‘ਤੇ ਦਰਿਆ ਪਾਰ ਦੇ ਪਿੰਡਾਂ ਦੇ ਲੋਕਾਂ ਨੂੰ ਮਕੌੜਾ ਲਿਆਂਦਾ ਗਿਆ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ।
ਰਾਹੁਲ ਗਾਂਧੀ ਨਾਲ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਹੁਲ ਗਾਂਧੀ ਲੋਕਾਂ ਨੂੰ ਮਿਲਣਾ ਚਾਹੁੰਦੇ ਸਨ ਪਰ ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਰਾਹੁਲ ਗਾਂਧੀ ਨੂੰ ਰਾਵੀ ਨਦੀ ਦੇ ਪਾਰ ਜਾਣ ਤੋਂ ਰੋਕ ਦਿੱਤਾ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਵੀ ਦਰਿਆ ‘ਤੇ ਹੜ੍ਹਾਂ ਤੋਂ ਪਹਿਲਾਂ ਕੋਈ ਪ੍ਰਬੰਧ ਨਹੀਂ ਕੀਤੇ ਗਏ ਸਨ ਜਿਸ ਕਾਰਨ ਇਹ ਹੜ੍ਹ ਆਇਆ ਹੈ ਅਤੇ ਲੋਕਾਂ ਨੂੰ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ।
ਰਮਦਾਸ ਦੇ ਗੁਰਦੁਆਰਾ ਸਾਹਿਬ ਵਿਚ ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ‘ਤੇ ਵਿਵਾਦ
ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਸਮੇਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦਾ ਮਾਮਲਾ ਚਰਚਾ ਵਿਚ ਆਇਆ ਹੈ ਜਿਸਦਾ ਸਖਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੰਦਿਆਂ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਪ੍ਰਧਾਨ ਧਾਮੀ ਨੇ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਅੰਦਰ ਸਿਆਸੀ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ਉੱਤੇ ਪਾਬੰਦੀ ਹੈ। ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ। ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ, ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਜ਼ਰੂਰ ਹੋਵੇਗੀ।
ਅੰਮ੍ਰਿਤਸਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ ਰਾਹੁਲ ਗਾਂਧੀ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਕੁਦਰਤ ਦੇ ਕਹਿਰ ਤੋਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਹੋਰ ਪਾਰਟੀ ਆਗੂ ਵੀ ਸਨ।
ਅੰਮ੍ਰਿਤਸਰ ਪਹੁੰਚਣ ਤੋਂ ਬਾਅਦ, ਉਹ ਅੰਮ੍ਰਿਤਸਰ ਦੇ ਅਜਨਾਲਾ ਦੇ ਘੋਨੇਵਾਲ ਪਿੰਡ ਗਏ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਤੋਂ ਨੁਕਸਾਨ ਬਾਰੇ ਜਾਣਿਆ। ਅਜਨਾਲਾ ਦੇ ਕਈ ਇਲਾਕਿਆਂ ਵਿੱਚ ਘੋਨੇਵਾਲ ਪਿੰਡ ਵੀ ਸ਼ਾਮਲ ਸੀ ਜੋ ਹੜ੍ਹ ਦੇ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ। ਰਾਹੁਲ ਕੁਝ ਹੜ੍ਹ ਪ੍ਰਭਾਵਿਤ ਵਿਅਕਤੀਆਂ ਵਿੱਚ ਬੈਠ ਗਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਘੋਨੇਵਾਲ ਪਿੰਡ ਦੇ ਦੌਰਾ ਮਗਰੋਂ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਦੇ ਰਮਦਾਸ ਖੇਤਰ ਵਿੱਚ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਵੀ ਟੇਕਿਆ ਹੈ।

RELATED ARTICLES
POPULAR POSTS