ਸੱਤਾਧਾਰੀ ਧਿਰ ਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਅੱਜ ਸ਼ੁੱਕਰਵਾਰ ਨੂੰ ਸ਼ੁਰੂੁ ਹੋਇਆ। ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਲੈ ਕੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਿਚਾਲੇ ਤਿੱਖੀ ਬਹਿਸ ਹੋਈ ਅਤੇ ਇਜਲਾਸ ਹੰਗਾਮਿਆਂ ਭਰਪੂਰ ਰਿਹਾ। ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ’ਚ ਆਏ ਹੜ੍ਹਾਂ ਨੂੰ ਲੈ ਕੇ ਬਹਿਸ ਦੀ ਸ਼ੁਰੂਆਤ ਕੀਤੀ। ਮੰਤਰੀ ਗੋਇਲ ਨੇ ਕਿਹਾ ਕਿ ਇਸ ਵਾਰ ਬਰਸਾਤਾਂ ਨੇ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਵੀ ਫੇਲ੍ਹ ਕਰ ਦਿੱਤਾ ਅਤੇ ਇਹੋ ਪਾਣੀ ਪੰਜਾਬ ਵਿਚ ਤਬਾਹੀ ਦਾ ਕਾਰਨ ਬਣਿਆ। ਇਸਦੇ ਚੱਲਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਮੰਗ ਕੀਤੀ ਕਿ ਪੰਜਾਬ ਵਿਚ ਆਏ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਨੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਨਿਸ਼ਾਨੇ ’ਤੇ ਲਿਆ। ਦੱਸਣਯੋਗ ਹੈ ਕਿ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਸੋਮਵਾਰ ਨੂੰ ਵੀ ਚੱਲੇਗਾ।
ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰ ’ਤੇ ਕੰਮ ਨਾ ਕਰਨ ਦੇਣ ਦੇ ਲਗਾਏ ਆਰੋਪ
ਕਿਹਾ : ਸਿਆਸਤਦਾਨ ਅਜੇ ਵੀ ਕਰ ਰਹੇ ਹਨ ਵੋਟਾਂ ਦੀ ਰਾਜਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰ ਕਾਂਗਰਸ ’ਤੇ ਕੰਮ ਨਾ ਕਰਨ ਦੇਣ ਦੇ ਆਰੋਪ ਲਗਾਏ ਹਨ। ਹੜ੍ਹਾਂ ਸਬੰਧੀ ਗੱਲ ਕਰਦਿਆਂ ਧਾਲੀਵਾਲ ਨੇ ਕਰੀਬ 30 ਪਿੰਡਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਲੋਕਾਂ ਦੇ ਖੇਤ ਰੇਤਾ ਨਾਲ ਢੱਕੇ ਹੋਏ ਹਨ ਅਤੇ ਇਹ ਖੇਤ ਮਾਰੂਥਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਲੋਕਾਂ ਦੇ ਘਰਾਂ ਅਤੇ ਖੇਤਾਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ, ਪਰ ਸਿਆਸਤਦਾਨ ਅਜੇ ਵੀ ਵੋਟ-ਪ੍ਰੇਰਿਤ ਰਾਜਨੀਤੀ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਸੂਬਿਆਂ ਦੇ ਸਮਾਜ ਸੇਵੀ ਮੱਦਦ ਲਈ ਆਏ, ਪਰ 75 ਸਾਲ ਰਾਜ ਕਰਨ ਵਾਲਿਆਂ ਨੇ ਧੱਕੇਸ਼ਾਹੀ ਹੀ ਕੀਤੀ ਹੈ।