
ਕਿਹਾ : ਪੰਜਾਬ ਦੀ ਮੌਜੂਦਾ ਸਰਕਾਰ ਨੇ ਨਹੀਂ ਨਿਭਾਈ ਜ਼ਿੰਮੇਵਾਰੀ
ਅਜਨਾਲਾ/ਬਿਊਰੋ ਨਿਊਜ਼
ਅੰਮਿ੍ਰਤਸਰ ਦੇ ਅਜਨਾਲਾ ਖੇਤਰ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਕੇਂਦਰੀ ਰਾਜ ਮੰਤਰੀ ਅਜੈ ਟਮਟਾ ਨੇ ਵੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਨਾਲਾ ਖੇਤਰ ਵਿਚ ਭਿਆਨਕ ਹੜ੍ਹਾਂ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਬਣਾਏ ਜਾ ਰਹੇ ਹਾਈਵੇਜ਼ ਦਾ ਵੀ ਬਹੁਤ ਨੁਕਸਾਨ ਹੋਇਆ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਰੇਤ ਦੀ ਹੋ ਰਹੀ ਨਜਾਇਜ਼ ਮਾਈਨਿੰਗ ਕਾਰਨ ਸੜਕਾਂ ਦਾ ਵੀ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਇਹ ਨਜਾਇਜ਼ ਮਾਈਨਿੰਗ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਗਈ। ਮੰਤਰੀ ਨੇ ਕਿਹਾ ਕਿ ਉਹ ਇਸ ਸਬੰਧੀ ਸੂਬਾ ਸਰਕਾਰ ਨੂੰ ਪੱਤਰ ਵੀ ਲਿਖਣਗੇ। ਮੰਤਰੀ ਅਜੈ ਟਮਟਾ ਨੇ ਕਿਹਾ ਕਿ ਨਵੇਂ ਹਾਈਵੇਜ਼ ਲਈ ਸੂਬਾ ਸਰਕਾਰ ਵਲੋਂ ਲੋੜੀਂਦਾ ਸਹਿਯੋਗ ਨਾ ਦੇਣ ਕਰਕੇ ਕਈ ਪ੍ਰੋਜੈਕਟ ਅੱਧ ਵਿਚਾਲੇ ਰੁਕੇ ਗਏ ਹਨ। ਇਸ ਮੌਕੇ ਮੰਤਰੀ ਦੇ ਨਾਲ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਸਣੇ ਕਈ ਆਗੂ ਹਾਜ਼ਰ ਸਨ।

