ਗੜਗੱਜ, ਧਾਮੀ ਤੇ ਪੀਰ ਮੁਹੰਮਦ ਨੇ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਧਿਆਨ ਰਹੇ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇਸ਼ਾਂ ਦਰਮਿਆਨ ਆਪਸੀ ਸੰਬੰਧ ਸਭ ਖ਼ਤਮ ਹੋ ਚੁੱਕੇ ਸਨ। ਇਸੇ ਦੌਰਾਨ ਹੀ ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਆਉਣ ਜਾਣ ਵਾਲੇ ਹਰੇਕ ਧਰਮਾਂ ਦੇ ਜਥਿਆਂ ‘ਤੇ ਵੀ ਰੋਕ ਲਗਾ ਦਿੱਤੀ ਗਈ ਸੀ। ਇਹ ਰੋਕ ਖ਼ਾਸ ਕਰਕੇ ਭਾਰਤ ਸਰਕਾਰ ਵਲੋਂ ਹੀ ਲਗਾਈ ਗਈ ਸੀ। ਹੁਣ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਜਾਣ ਵਾਲੀਆਂ ਸੰਗਤਾਂ ਨੂੰ ਮਨਜੂਰੀ ਦੇ ਦਿੱਤੀ ਹੈ।
ਇਸਦੇ ਚੱਲਦਿਆਂ ਭਾਰਤ ਸਰਕਾਰ ਵਲੋਂ ਕਿਹਾ ਗਿਆ ਹੈ ਕਿ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਸਿਰਫ ਤੇ ਸਿਰਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਏ ਜਾਣ ਵਾਲੇ ਪਾਸਪੋਰਟਾਂ ‘ਤੇ ਹੀ ਭਾਰਤੀ ਸਿੱਖ ਸ਼ਰਧਾਲੂ 3000 ਦੀ ਗਿਣਤੀ ਵਿਚ ਸਮੁੱਚੇ ਭਾਰਤ ਤੋਂ ਪਾਕਿਸਤਾਨ ਜਾ ਸਕਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦਾ ਸੁਆਗਤ ਕਰਦਿਆਂ ਇਸ ਨੂੰ ਸਿੱਖ ਸੰਗਤਾਂ ਦੀਆਂ ਅਰਦਾਸਾਂ ਦੀ ਸਫ਼ਲਤਾ ਆਖਿਆ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਮਨਜ਼ੂਰੀ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਜਿਸ ਦੀ ਸ਼੍ਰੋਮਣੀ ਕਮੇਟੀ ਪ੍ਰਸੰਸਾ ਕਰਦੀ ਹੈ। ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਲਿਆ ਗਿਆ ਫ਼ੈਸਲਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਆਦਰ ਕਰਦਾ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦੇ ਹਾਂ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਵੀ ਇਸ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਹੈ।