
ਕਿਹਾ : ਨਵੀਂ ਪੀੜ੍ਹੀ ਨੂੰ ਚੋਣਾਂ ’ਚ ਮਿਲਣਾ ਚਾਹੀਦਾ ਹੈ ਮੌਕਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਗਠਜੋੜ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਇਸ ਬਾਰੇ ਪੁੱਛੇਗੀ ਤਾਂ ਉਹ ਜ਼ਰੂਰ ਇਨ੍ਹਾਂ ਦੋਵੇਂ ਪਾਰਟੀਆਂ ਵਿਚ ਸਮਝੌਤੇ ਦੀ ਗੱਲ ਕਰਨਗੇ। ਕੈਪਟਨ ਨੇ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਨੇ ਇਹ ਸਮਝੌਤਾ ਕੀਤਾ ਸੀ, ਪਰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ’ਤੇ ਅਕਾਲੀ ਦਲ ਤੇ ਭਾਜਪਾ ਦਾ ਦਹਾਕਿਆਂ ਪੁਰਾਣਾ ਸਿਆਸੀ ਰਿਸ਼ਤਾ ਟੁੱਟ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਮਝੌਤਾ ਟੁੱਟਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਪੰਜਾਬ ਵਿਚ ਪੈਰ ਨਹੀਂ ਲੱਗੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਮਰ ਦੇ ਇਸ ਪੜਾਅ ਵਿਚ ਉਹਨਾਂ ਦੀ ਕੋਈ ਵੀ ਚੋਣ ਲੜਨ ਦੀ ਇੱਛਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਨਵੀਂ ਪੀੜ੍ਹੀ ਨੂੰ ਮੌਕਾ ਮਿਲਣਾ ਚਾਹੀਦਾ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।

