
ਮੌਸਮ ਵਿਭਾਗ ਨੇ ਵੀ ਪੰਜਾਬ ’ਚ ਮੀਂਹ ਨੂੰ ਲੈ ਕੇ ਜਾਰੀ ਕੀਤਾ ਹੈ ਅਲਰਟ
ਅੰਮਿ੍ਰਤਸਰ/ਬਿਊਰੋ ਨਿਊਜ਼
ਰਣਜੀਤ ਸਾਗਰ ਡੈਮ ਵਿਚੋਂ ਕਰੀਬ 37 ਹਜ਼ਾਰ ਕਿਊਸਿਕ ਪਾਣੀ ਰਾਵੀ ਦਰਿਆ ਵਿਚ ਛੱਡੇ ਜਾਣ ਨਾਲ ਰਾਵੀ ’ਚ ਪਾਣੀ ਦਾ ਪੱਧਰ ਮੁੜ ਵਧ ਗਿਆ ਹੈ। ਇਸ ਨੂੰ ਲੈ ਕੇ ਰਾਵੀ ਨੇੜਲੇ ਇਲਾਕਿਆਂ ਦੇ ਲੋਕਾਂ ਵਿਚ ਡਰ ਦਾ ਮਾਹੌਲ ਬਣ ਗਿਆ ਹੈ ਕਿ ਇਹ ਪਾਣੀ ਮੁੜ ਕਿਤੇ ਹੜ੍ਹ ਦਾ ਰੂਪ ਨਾ ਧਾਰਨ ਕਰ ਲਵੇ। ਇਸਦੇ ਚੱਲਦਿਆਂ ਅੰਮਿ੍ਰਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਕਹਿਣਾ ਹੈ ਕਿ ਰਾਵੀ ਦਰਿਆ ਵਿਚ ਭਾਵੇਂ ਪਾਣੀ ਦਾ ਪੱਧਰ ਵਧਿਆ ਹੈ, ਪਰ ਸਥਿਤੀ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਧਰ ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਵਿਚ 4 ਅਕਤੂਬਰ ਤੋਂ ਲੈ ਕੇ 7 ਅਕਤੂਬਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਖਾਸ ਕਰਕੇ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ, ਜਲੰਧਰ, ਰੂਪਨਗਰ ਅਤੇ ਤਰਨਤਾਰਨ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਨੇ ਵੀ ਅੰਦਰੂਨੀ ਤੌਰ ’ਤੇ ਚਰਚਾ ਸ਼ੁਰੂ ਕਰਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।

