ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਲਈ ਸੂਬਾ ਸਰਕਾਰ ਦੀ ਕੀਤੀ ਨਿੰਦਾ
ਅੰਮਿ੍ਰਤਸਰ/ਬਿਊਰੋ ਨਿਊਜ਼
ਕਿਸਾਨ ਮਜ਼ਦੂਰ ਮੋਰਚਾ ਜਥੇਬੰਦੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਇਸ ਨੂੰ ਲੈ ਕੇ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਵੀ ਕੀਤੇ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸੂਬੇ ਵਿਚ ਹਾਲ ਹੀ ’ਚ ਆਏ ਹੜ੍ਹਾਂ ਦੌਰਾਨ ਹੋਏ ਵਿਆਪਕ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹੜ੍ਹਾਂ ਦੌਰਾਨ ਝੋਨੇ ਦੀ ਫਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਘੱਟੋ-ਘੱਟ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਅੰਮਿ੍ਰਤਸਰ ਵਿਚ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੰਧੇਰ ਨੇ ਪਸ਼ੂਆਂ ਅਤੇ ਪੋਲਟਰੀ ਫਾਰਮਾਂ ਦੇ ਨੁਕਸਾਨ ਲਈ ਵੀ ਸੌ ਫੀਸਦੀ ਮੁਆਵਜ਼ੇ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦੀ ਇਹ ਵੀ ਮੰਗ ਸੀ ਕਿ ਹੜ੍ਹਾਂ ਕਾਰਨ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ, ਉਨ੍ਹਾਂ ਨੂੰ ਵੀ ਪੂਰਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਲਈ ਸੂਬਾ ਸਰਕਾਰ ਦੀ ਵੀ ਨਿੰਦਾ ਕੀਤੀ ਹੈ।