
ਆਮ ਆਦਮੀ ਪਾਰਟੀ ਨੇ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਐਲਾਨਿਆ ਹੈ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਰਾਜ ਸਭਾ ਦੀ ਖਾਲੀ ਹੋਈ ਇਕ ਸੀਟ ਲਈ ਰਾਜਿੰਦਰ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ। ਇਸਦੇ ਚੱਲਦਿਆਂ ਰਾਜਿੰਦਰ ਗੁਪਤਾ ਨੇ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ ਹੈ। ਇਸ ਮੌਕੇ ਇਨ੍ਹਾਂ ਦੋਵੇਂ ਆਗੂਆਂ ਵਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸਦੇ ਨਾਲ ਹੀ ਰਾਜ ਸਭਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਨੂੰ ਲੈ ਕੇ ਵੀ ਗੱਲਬਾਤ ਹੋਈ ਹੈ। ਧਿਆਨ ਰਹੇ ਕਿ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿਧਾਨ ਸਭਾ ਦੀ ਚੋਣ ਲੜੀ ਸੀ ਅਤੇ ਉਨ੍ਹਾਂ ਨੇ ਇਹ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਕਰਕੇ ਹੀ ਪੰਜਾਬ ਵਿਚ ਖਾਲੀ ਹੋਈ ਰਾਜ ਸਭਾ ਦੀ ਇਕ ਸੀਟ ਲਈ ਚੋਣ ਹੋਣੀ ਹੈ।

