
ਏਡੀਜੀਪੀ ਦੇ ਅਹੁਦੇ ’ਤੇ ਤੈਨਾਤ ਸੀ ਪੂਰਨ ਕੁਮਾਰ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਪੂਰਨ ਕੁਮਾਰ ਨੇ ਚੰਡੀਗੜ੍ਹ ਸਥਿਤ ਸੈਕਟਰ 11 ਵਿਚਲੀ ਆਪਣੀ ਰਿਹਾਇਸ਼ ’ਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਹ ਘਟਨਾ ਅੱਜ ਮੰਗਲਵਾਰ ਨੂੰ ਸਵੇਰੇ ਵਾਪਰੀ, ਜਦੋਂ ਪੂਰਨ ਕੁਮਾਰ ਨੇ ਆਪਣੀ ਹੀ ਜਾਨ ਲੈਣ ਲਈ ਸਰਵਿਸ ਰਿਵਾਲਵਰ ਦੀ ਵਰਤੋਂ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪੂਰਨ ਕੁਮਾਰ ਹਰਿਆਣਾ ਵਿਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਤੈਨਾਤ ਸੀ। ਇਸ ਘਟਨਾ ਸਮੇਂ ਪੂਰਨ ਕੁਮਾਰ ਦੀ ਪਤਨੀ ਅਮਨੀਤ, ਜੋ ਕਿ ਇਕ ਸੀਨੀਅਰ ਆਈ.ਏ.ਐਸ. ਅਫਸਰ ਹੈ, ਘਰ ਵਿਚ ਮੌਜੂਦ ਨਹੀਂ ਸੀ। ਅਮਨੀਤ ਕੌਰ ਇਸ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੇ ਇਕ ਅਧਿਕਾਰਤ ਵਫਦ ਦੇ ਹਿੱਸੇ ਵਜੋਂ ਜਪਾਨ ਵਿਚ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪੂਰਨ ਕੁਮਾਰ ਹਰਿਆਣਾ ਕਾਡਰ ਦੇ ਇਕ ਸਤਿਕਾਰਤ ਅਧਿਕਾਰੀ ਸਨ ਅਤੇ ਉਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਕਈ ਅਹਿਮ ਅਹੁਦਿਆਂ ’ਤੇ ਕੰਮ ਕੀਤਾ ਹੈ। ਪੂਰਨ ਕੁਮਾਰ ਵਲੋਂ ਕੀਤੀ ਗਈ ਖੁਦਕੁਸ਼ੀ ਦੀ ਖਬਰ ਨੇ ਪੁਲਿਸ ਅਤੇ ਪ੍ਰਸ਼ਾਸ਼ਨਿਕ ਖੇਤਰ ਵਿਚ ਕੰਮ ਕਰਨ ਵਾਲਿਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ।

