
ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਜਵੰਦਾ ਦਾ ਹਸਪਤਾਲ ’ਚ ਚੱਲ ਰਿਹਾ ਇਲਾਜ
ਮੁਹਾਲੀ/ਬਿਊਰੋ ਨਿਊਜ਼
ਮਸ਼ਹੂਰ ਗਾਇਕ ਰਾਜਵੀਰ ਜਵੰਦਾ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ’ਚ ਇਕ ਸੜਕ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਦਾ ਇਲਾਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਚੱਲ ਰਿਹਾ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਅੱਜ ਰਾਜਵੀਰ ਜਵੰਦਾ ਦੀ ਸਿਹਤ ਦਾ ਹਾਲ ਜਾਨਣ ਲਈ ਫੋਰਟਿਸ ਹਸਪਤਾਲ ਪਹੁੰਚੇ। ਇਸ ਮੌਕੇ ਸੁਖਬੀਰ ਬਾਦਲ ਨੇ ਜਵੰਦਾ ਦੇ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਸੁਖਬੀਰ ਨੇ ਹਸਪਤਾਲ ਦੇ ਉਚ ਅਧਿਕਾਰੀਆਂ ਅਤੇ ਡਾਕਟਰਾਂ ਕੋਲੋਂ ਵੀ ਜਵੰਦਾ ਦੀ ਸਿਹਤ ਸਬੰਧੀ ਜਾਣਕਾਰੀ ਲਈ ਹੈ। ਸੁਖਬੀਰ ਬਾਦਲ ਨੇ ਰਾਜਵੀਰ ਜਵੰਦਾ ਦੇ ਜਲਦੀ ਸਿਹਤਯਾਬ ਹੋਣ ਲਈ ਕਾਮਨਾ ਕੀਤੀ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਹੌਸਲਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਬਹੁਤ ਸਾਰੇ ਆਗੂ ਜਵੰਦਾ ਦੀ ਸਿਹਤ ਦਾ ਹਾਲ ਜਾਨਣ ਲਈ ਪਹੁੰਚੇ ਹਨ।

