
ਸਮੁੱਚਾ ਕਲਾ ਜਗਤ ਵੀ ਸਦਮੇ ’ਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਮੁੱਚੇ ਕਲਾ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਹੋਈ ਮੌਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਪੰਜਾਬੀ ਸੰਗੀਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਸੀਐਮ ਨੇ ਕਿਹਾ ਕਿ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ’ਤੇ ਰਾਜ ਕਰਨ ਵਾਲੇ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਵੰਦਾ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਵੰਦਾ ਦੀ ਬੇਵਕਤੀ ਮੌਤ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਜਵੰਦਾ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਰਾਜਵੀਰ ਜਵੰਦਾ ਦੇ ਇਸ ਦੁਨੀਆ ਤੋਂ ਸਦਾ ਲਈ ਤੁਰ ਜਾਣ ’ਤੇ ਸਮੁੱਚਾ ਕਲਾ ਜਗਤ ਸਦਮੇ ਵਿਚ ਹੈ।

