
ਸੀਐਮ ਭਗਵੰਤ ਮਾਨ ਨੇ ਨਸ਼ਾ ਤਸਕਰਾਂ ’ਤੇ ਨਸਲਕੁਸ਼ੀ ਦੇ ਕੇਸ ਚਲਾਉਣ ਦੀ ਕੀਤੀ ਵਕਾਲਤ
ਬਠਿੰਡਾ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ ਵਿਚ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਨਅਤੀ ਖੇਤਰ ਰਾਹੀਂ 4 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੀ ਨਸ਼ੇ ਨੂੰ ਘਰ-ਘਰ ਪਹੁੰਚਾਉਣ ਲਈ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵੱਡੇ ਸਿਆਸੀ ਆਗੂ ਵੀ ਇਸ ਧੰਦੇ ਵਿਚ ਸ਼ਾਮਲ ਸਨ ਅਤੇ ਅਜਿਹਿਆਂ ਵਿਚੋਂ ਇਕ ਚਰਚਿਤ ਨੇਤਾ ਵੀ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ 3 ਹਜ਼ਾਰ ਤੋਂ ਵੀ ਜ਼ਿਆਦਾ ਨਵੇਂ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਇਨ੍ਹਾਂ ਖੇਡ ਮੈਦਾਨਾਂ ਵਿਚ ਅਤਿ ਆਧੁਨਿਕ ਸਹੂਲਤਾਂ ਵੀ ਮਿਲਣਗੀਆਂ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ’ਤੇ ਨਸਲਕੁਸ਼ੀ ਦੇ ਕੇਸ ਚੱਲਣੇ ਚਾਹੀਦੇ ਹਨ। ਇਸ ਸਮਾਗਮ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਵੀ ਹਾਜ਼ਰ ਸਨ।

