ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੁੱਧਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਗਿਆ ਅਤੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਜਲੌਅ ਸਜਾਏ ਗਏ ਸਨ। ਇਸ ਦੌਰਾਨ ਹੈਲੀਕਾਪਟਰ ਰਾਹੀਂ ਗੁਰੂ ਘਰ ਦੇ ਉੱਪਰ ਫੁੱਲਾਂ ਦੀ ਵਰਖਾ ਵੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਗਲਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ‘ਚ ਨਗਰ ਕੀਰਤਨ ਵੀ ਸਜਾਇਆ ਗਿਆ ਸੀ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ‘ਚ ਸੰਗਤ ਨੇ ਸ਼ਮੂਲੀਅਤ ਕੀਤੀ ਸੀ। ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਈ ਸੀ। ਇਹ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ ਸੀ।

