
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਆਰ.ਪੀ. ਸਿੰਘ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਬੰਬ ਧਮਾਕਿਆਂ ਦੇ ਆਰੋਪੀ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਇਕ ਵਾਰ ਭਖ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕਰਕੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਅਪੀਲ ਕੀਤੀ ਹੈ। ਆਰ.ਪੀ. ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਹ ਮੰਗ ਪੂਰੀ ਤਰ੍ਹਾਂ ਮਾਨਵਤਾਵਾਦੀ ਅਧਾਰ ’ਤੇ ਹੈ । ਉਨ੍ਹਾਂ ਕਿਹਾ ਕਿ ਇਸਦਾ ਅਪਰਾਧ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਜਿਸਦੀ ਸਜ਼ਾ ਭੁੱਲਰ ਪਹਿਲਾਂ ਹੀ ਕੱਟ ਚੁੱਕੇ ਹਨ। ਆਰ.ਪੀ. ਸਿੰਘ ਨੇ ਦਿੱਲੀ ਦੀ ਸੀਐਮ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਭੁੱਲਰ 28 ਸਾਲ ਜੇਲ੍ਹ ਵਿਚ ਬਿਤਾ ਚੁੱਕੇ ਹਨ ਅਤੇ ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਦਵਿੰਦਰਪਾਲ ਸਿੰਘ ਭੁੱਲਰ ਮਾਨਸਿਕ ਬਿਮਾਰੀ ਤੋਂ ਪੀੜਤ ਹਨ ਅਤੇ ਉਨ੍ਹਾਂ ਦੀ ਸਿਹਤ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਸੀ। ਭਾਜਪਾ ਆਗੂ ਨੇ ਭੁੱਲਰ ਦੀ ਰਿਹਾਈ ਦੇ ਪੱਖ ਵਿਚ ਕਈ ਮਜ਼ਬੂਤ ਕਾਰਨ ਵੀ ਗਿਣਾਏ ਹਨ ਅਤੇ ਕਿਹਾ ਕਿ ਉਨ੍ਹਾਂ ਨੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਸਤੇ ਨਿੱਜੀ ਤੌਰ ’ਤੇ ਅਪੀਲ ਕੀਤੀ ਹੈ।

