
ਬਲਵਿੰਦਰ ਸਿੰਘ ਭੂੰਦੜ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਲਿਆ ਨਿਸ਼ਾਨੇ ’ਤੇ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਹਿੱਸੇਦਾਰੀ ਲਗਾਤਾਰ ਘਟਾਉਣ ’ਤੇ ਸਖ਼ਤ ਪ੍ਰਤੀਕਿਰਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਹੱਕ ਖੋਹੇ ਜਾ ਰਹੇ ਹਨ। ਭੂੰਦੜ ਨੇ ਇਲਜ਼ਾਮ ਲਗਾਇਆ ਕਿ ਹੁਣ ਕੇਂਦਰ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਨੂੰ ਬੀਬੀਐੱਮਬੀ ਵਿੱਚ ਸਥਾਈ ਮੈਂਬਰ ਵਜੋਂ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕਿ ਪੰਜਾਬ ਲਈ ਇਕ ਹੋਰ ਝਟਕਾ ਹੈ। ਅਕਾਲੀ ਆਗੂ ਨੇ ਇਸ ਮਾਮਲੇ ’ਤੇ ਸੂਬਾ ਸਰਕਾਰ ਦੀ ਚੁੱਪੀ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ ਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

