ਰਾਹੁਲ ਗਾਂਧੀ ਨੇ ਕਿਹਾ : ਅਮਰੀਕੀ ਰਾਸ਼ਟਰਪਤੀ ਤੋਂ ਡਰਦੇ ਹਨ ਪੀਐਮ ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਵਾਈਟ ਹਾਊਸ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਚੰਗੇ ਦੋਸਤ ਹਨ ਅਤੇ ਸਾਡੇ ਸਬੰਧ ਵੀ ਬਹੁਤ ਵਧੀਆ ਹਨ। ਟਰੰਪ ਨੇ ਕਿਹਾ ਕਿ ਭਾਰਤ ਵਲੋਂ ਰੂਸ ਤੋਂ ਤੇਲ ਖਰੀਦਣ ਕਰਕੇ ਮੈਨੂੰ ਖੁਸ਼ੀ ਨਹੀਂ ਸੀ, ਪਰ ਹੁਣ ਪੀਐਮ ਮੋਦੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਰੂਸ ਤੋਂ ਤੇਲ ਨਹੀਂ ਖਰੀਦਣਗੇ। ਧਿਆਨ ਰਹੇ ਕਿ ਅਮਰੀਕਾ ਨੇ ਭਾਰਤ ’ਤੇ ਰੂਸ ਕੋਲੋਂ ਤੇਲ ਖਰੀਦਣ ਕਰਕੇ 25 ਫੀਸਦੀ ਵਾਧੂ ਟੈਰਿਫ ਲਗਾ ਦਿੱਤਾ ਸੀ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਡਰਦੇ ਹਨ। ਰਾਹੁਲ ਨੇ ਕਿਹਾ ਕਿ ਮੋਦੀ ਨੇ ਟਰੰਪ ਨੂੰ ਇਹ ਫੈਸਲਾ ਲੈਣ ਅਤੇ ਐਲਾਨ ਕਰਨ ਦੀ ਖੁੱਲ੍ਹ ਦਿੱਤੀ ਕਿ ਭਾਰਤ ਰੂਸ ਕੋਲੋਂ ਤੇਲ ਨਹੀਂ ਖਰੀਦੇਗਾ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹੋਰ ਵੀ ਕਈ ਤਰ੍ਹਾਂ ਦੇ ਸਿਆਸੀ ਸਵਾਲ ਚੁੱਕੇ ਹਨ।