ਸੰਜੀਵ ਅਰੋੜਾ ਦੀ ਥਾਂ ਰਾਜ ਸਭਾ ਮੈਂਬਰ ਬਣੇ ਹਨ ਗੁਪਤਾ
ਚੰਡੀਗੜ੍ਹ/ਬਿਊਰੋ ਨਿਊਜ਼
ਟਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਪੰਜਾਬ ’ਚ ਖਾਲੀ ਹੋਈ ਰਾਜ ਸਭਾ ਸੀਟ ਲਈ ਮੈਂਬਰ ਚੁਣਿਆ ਗਿਆ ਹੈ। ਰਾਜ ਸਭਾ ਦੀ ਚੋਣ ਲਈ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਚੋਣ ਬਿਨਾ ਵਿਰੋਧ ਹੀ ਹੋ ਗਈ ਹੈ। ਰਾਜਿੰਦਰ ਗੁਪਤਾ ਨੇ ਆਮ ਆਦਮੀ ਪਾਰਟੀ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਹਾਲਾਂਕਿ ਇਕ ਅਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਵਲੋਂ ਵੀ ਨਾਮਜ਼ਦਗੀ ਦਾਖਲ ਕੀਤੀ ਗਈ ਸੀ, ਪਰ ਉਸਦੀ ਨਾਮਜ਼ਦਗੀ ਰੱਦ ਹੋ ਗਈ ਸੀ। ਧਿਆਨ ਰਹੇ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲੜੀ ਸੀ ਅਤੇ ਉਨ੍ਹਾਂ ਨੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਚੱਲਦਿਆਂ ਇਸ ਖਾਲੀ ਹੋਈ ਰਾਜ ਸਭਾ ਸੀਟ ਲਈ ਆਮ ਆਦਮੀ ਪਾਰਟੀ ਨੇ ਰਾਜਿੰਦਰ ਗੁਪਤਾ ਨੂੰ ਉਮੀਦਵਾਰ ਬਣਾਇਆ ਸੀ।