ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ 21 ਅਕਤੂਬਰ ਦਿਨ ਮੰਗਲਵਾਰ ਨੂੰ ਬੰਦੀ ਛੋੜ ਦਿਵਸ ਮਨਾਇਆ ਗਿਆ ਅਤੇ ਵੱਡੀ ਗਿਣਤੀ ਸੰਗਤ ਨੇ ਗੁਰੂ ਘਰ ਵਿਚ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ।
ਇਸਦੇ ਨਾਲ ਹੀ ਪੰਜਾਬ ਭਰ ਵਿਚ ਦੀਵਾਲੀ ਦਾ ਤਿਉਹਾਰ ਵੀ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ‘ਤੇ ਦੇਸ਼ ਅਤੇ ਵਿਦੇਸ਼ਾਂ ਵਿਚ ਵਸਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਦਿਨ ਦਾ ਇਤਿਹਾਸਕ ਅਤੇ ਸਮਾਜਿਕ ਮਹੱਤਵ ਸਮਝਾਉਂਦਿਆਂ ਕਿਹਾ ਕਿ ਅੱਜ ਵੀ ਕਈ ਬੰਦੀ ਸਿੰਘ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਵੀ ਰਿਹਾਈ ਹੋਣੀ ਚਾਹੀਦੀ ਹੈ।
ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਬੰਦੀ ਛੋੜ ਦਿਵਸ ਦੀ ਸ਼ੁਰੂਆਤ ਕੀਤੀ ਸੀ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਰੂ ਮਹਾਰਾਜ ਨੇ ਬੰਦੀਆਂ ਨੂੰ ਰਿਹਾਅ ਕਰਵਾਇਆ ਸੀ, ਉਵੇਂ ਹੀ ਅੱਜ ਦੀਆਂ ਸਰਕਾਰਾਂ ਨੂੰ ਵੀ ਬੰਦੀ ਸਿੰਘਾਂ ਨੂੰ ਰਿਹਾਅ ਕਰਕੇ ਮਨੁੱਖਤਾ ਅਤੇ ਨਿਆਂ ਨੂੰ ਸਮਰਪਿਤ ਹੋਣਾ ਚਾਹੀਦਾ ਹੈ।
ਧਿਆਨ ਰਹੇ ਕਿ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਵੀ ਦੁਚਿੱਤੀ ਬਣੀ ਰਹੀ। ਇਸ ਕਰਕੇ ਕੁਝ ਧਿਰਾਂ ਵਲੋਂ 20 ਅਕਤੂਬਰ ਨੂੰ ਹੀ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਦੋਂ ਕਿ ਧਾਰਮਿਕ ਸੰਗਠਨਾਂ ਵਲੋਂ ਦੀਵਾਲੀ ਦਾ ਤਿਉਹਾਰ 21 ਅਕਤੂਬਰ ਨੂੰ ਮਨਾਇਆ ਗਿਆ ਹੈ।

