
ਮੁਹਾਲੀ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਫੇਸਬੁੱਕ ਅਤੇ ਗੂਗਲ ਨੇ ਵੀਡੀਓ ਕੀਤੀ ਡਿਲੀਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਕਰਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਆਹਮੋ ਸਾਹਮਣੇ ਹਨ। ਦੋਵਾਂ ਪਾਰਟੀਆਂ ਵਲੋਂ ਇਸ ਵੀਡੀਓ ਲਈ ਇਕ ਦੂਜੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਬਣਾਈ ਗਈ ਇਸ ਵੀਡੀਓ ਦੇ ਪ੍ਰਸਾਰ ਦੀ ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨਿਖੇਧੀ ਕੀਤੀ ਹੈ। ਕੰਗ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਵੀਡੀਓ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੰਗ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਭਾਜਪਾ ਆਗੂਆਂ ਵਲੋਂ ਫਰਜ਼ੀ ਕਲਿੱਪ ਨੂੰ ਜਾਣ ਬੁੱਝ ਕੇ ਫੈਲਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਮੁਹਾਲੀ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਫੇਸਬੁੱਕ ਅਤੇ ਗੂਗਲ ਨੇ ਇਹ ਵੀਡੀਓ ਡਿਲੀਟ ਕਰ ਦਿੱਤੀ ਹੈ।

