
ਚੀਨ ਨੂੰ ਵੀ ਅਜਿਹਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰਨਗੇ ਟਰੰਪ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਦਾਅਵਾ ਫਿਰ ਦੁਹਰਾਇਆ ਹੈ। ਟਰੰਪ ਨੇ ਕਿਹਾ ਕਿ ਭਾਰਤ ਨੇ ਰੂਸ ਤੋਂ ਤੇਲ ਖਰੀਦਣਾ ਬੰਦ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ ਅਤੇ ਉਹ ਇਸ ਸਾਲ ਅਖੀਰ ਤੱਕ ਰੂਸ ਕੋਲੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਇਸਦੇ ਨਾਲ ਹੀ ਟਰੰਪ ਨੇ ਕਿਹਾ ਕਿ ਇਹ ਇਕ ਪ੍ਰਕਿਰਿਆ ਹੈ ਅਤੇ ਇਸ ’ਚ ਕੁਝ ਸਮਾਂ ਲੱਗੇਗਾ। ਟਰੰਪ ਨੇ ਇਹ ਵੀ ਕਿਹਾ ਕਿ ਉਹ ਚੀਨ ਨੂੰ ਵੀ ਅਜਿਹਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰਨਗੇ। ਚੀਨ ਅਤੇ ਭਾਰਤ ਰੂਸੀ ਕੱਚੇ ਤੇਲ ਦੇ ਦੋ ਸਭ ਤੋਂ ਵੱਡੇ ਖਰੀਦਦਾਰ ਹਨ। ਇਸੇ ਦੌਰਾਨ ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਅਗਾਮੀ ਮੀਟਿੰਗ ਬਾਰੇ ਕਿਹਾ ਕਿ ਉਹ ਉਨ੍ਹਾਂ ਨਾਲ ਰੂਸ-ਯੂਕਰੇਨ ਜੰਗ ਖਤਮ ਕਰਨ ਦੇ ਰਾਹ ਕੱਢਣ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਉਧਰ ਦੂਜੇ ਪਾਸੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਜੇਕਰ ਸਾਡੇ ’ਤੇ ਅਮਰੀਕੀ ਟੌਮਹੌਕ ਮਿਜ਼ਾਈਲਾਂ ਨਾਲ ਹਮਲਾ ਹੁੰਦਾ ਹੈ ਤਾਂ ਇਸਦਾ ਸਖਤ ਜਵਾਬ ਦਿਆਂਗੇ। ਪੂਤਿਨ ਦਾ ਇਹ ਬਿਆਨ ਅਮਰੀਕਾ ਵਲੋਂ ਦੋ ਰੂਸੀ ਕੰਪਨੀਆਂ ’ਤੇ ਰੋਕ ਲਗਾਉਣ ਤੋਂ ਬਾਅਦ ਆਇਆ ਹੈ।

