
ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਕੋਲੋਂ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਮਰਹੂਮ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਸੜਕ ਹਾਦਸੇ ਵਿਚ ਹੋਈ ਮੌਤ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ ਹੈ। ਇਸ ਸੁਣਵਾਈ ਦੌਰਾਨ ਅਦਾਲਤ ਨੇ ਅਹਿਮ ਫੈਸਲਾ ਸੁਣਾਉਂਦਿਆਂ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ, ਹਰਿਆਣਾ ਸਰਕਾਰ, ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਕੋਲੋਂ ਜਵਾਬ ਮੰਗਿਆ ਹੈ। ਇਸਦੇ ਨਾਲ ਹੀ ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਹ ਕਾਰਵਾਈ ਸੀਨੀਅਰ ਵਕੀਲ ਨਵਕਿਰਨ ਸਿੰਘ ਵਲੋਂ ਰਾਜਵੀਰ ਜਵੰਦਾ ਦੀ ਮੌਤ ਦੇ ਮਾਮਲੇ ਵਿਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਹੋਈ ਹੈ। ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਿਚ ਇਲਜ਼ਾਮ ਲਗਾਇਆ ਸੀ ਕਿ ਰਾਜਵੀਰ ਜਵੰਦਾ ਨੂੰ ਸਹੀ ਸਮੇਂ ’ਤੇ ਇਲਾਜ ਨਹੀਂ ਮਿਲਿਆ। ਇਸ ਪਟੀਸ਼ਨ ਰਾਹੀਂ ਸਿਰਫ ਜਵੰਦਾ ਦੇ ਮਾਮਲੇ ਵਿਚ ਇਨਸਾਫ ਦੀ ਮੰਗ ਨਹੀਂ ਕੀਤੀ ਗਈ ਹੈ, ਸਗੋਂ ਭਵਿੱਖ ਲਈ ਇਕ ਵੱਡੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਨੇ ਅਦਾਲਤ ਵਿਚ ਅਪੀਲ ਕੀਤੀ ਕਿ ਨਿੱਜੀ ਹਸਪਤਾਲਾਂ ਦੀ ਇਲਾਜ ਪ੍ਰਕਿਰਿਆ ਲਈ ਕੋਈ ਠੋਸ ਸਿਸਟਮ ਤਿਆਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਲੰਘੀ 8 ਅਕਤੂਬਰ ਨੂੰ ਹਿਮਾਚਲ ਦੇ ਪਿੰਜੌਰ ਨੇੜੇ ਰਾਜਵੀਰ ਜਵੰਦਾ ਦੀ ਇਕ ਸੜਕ ਹਾਦਸੇ ’ਚ ਜਾਨ ਚਲੇ ਗਈ ਸੀ।

