
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਲਾਲਪੁਰਾ
ਚੰਡੀਗੜ੍ਹ/ਬਿਊਰੋ ਨਿਊਜ਼
ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਛੇੜਛਾੜ ਦੇ ਮਾਮਲੇ ਵਿਚ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਫਿਲਹਾਲ ਲਾਲਪੁਰਾ ਦੀ ਸਜ਼ਾ ਉਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਹੁਣ ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਇਸੇ ਦੌਰਾਨ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਸਜ਼ਾ ’ਤੇ ਰੋਕ ਨਹੀਂ ਲਗਾਈ ਜਾਂਦੀ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਜਾਵੇਗੀ, ਜਿਸ ਕਰਕੇ ਹਲਕੇ ਵਿਚ ਨਵੇਂ ਸਿਰਿਓਂ ਚੋਣ ਕਰਵਾਉਣੀ ਪਵੇਗੀ। ਦੱਸਣਯੋਗ ਹੈ ਕਿ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਅਦਾਲਤ ਨੇ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਚੱਲਦਿਆਂ ਵਿਧਾਇਕ ਨੇ ਆਪਣੀ ਸਜ਼ਾ ’ਤੇ ਰੋਕ ਲਗਾਉਣ ਲਈ ਹਾਈਕੋਰਟ ਵਿਚ ਅਪੀਲ ਕੀਤੀ ਸੀ, ਜਿਸ ’ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਹੈ।

