
ਕਿਹਾ : ਪੰਜਾਬ ਸਰਕਾਰ ਨੇ ਸੂਬੇ ਨੂੰ ਧੂੰਏਂ ਦਾ ਅੱਡਾ ਬਣਾਇਆ
ਪਠਾਨਕੋਟ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ਵਿਚ ਸੂਬੇ ਨੂੰ ਸਾਫ ਕਰਨ ਦੀ ਥਾਂ ਧੂੰਏਂ ਦਾ ਅੱਡਾ ਬਣਾ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ, ਜਲੰਧਰ ਅਤੇ ਅੰਮਿ੍ਰਤਸਰ ਸਣੇ ਕਈ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ ਖਤਰਨਾਕ ਪੱਧਰ ’ਤੇ ਪਹੁੰਚ ਗਈ ਹੈ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਵੀ ਠੱਪ ਹੋ ਚੁੱਕੀ ਹੈ ਅਤੇ ਖੁੱਲ੍ਹੇ ਮੈਦਾਨਾਂ ਵਿਚ ਹੀ ਕੂੜਾ ਸਾੜਿਆ ਜਾ ਰਿਹਾ ਹੈ। ਭਾਜਪਾ ਆਗੂ ਨੇ ਕਿਹਾ ਕਿ ਪ੍ਰਦੂਸ਼ਣ ਦੀ ਇਹ ਲਹਿਰ ਲੋਕਾਂ ਦੀ ਜਾਨ ਨਾਲ ਖੇਡ ਰਹੀ ਹੈ ਅਤੇ ਸਰਕਾਰ ਨੂੰ ਇਸਦਾ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਕੂੜਾ ਪ੍ਰਬੰਧ ਲਈ ਕੋਈ ਯੋਜਨਾ ਨਾ ਬਣਾਈ ਤਾਂ ਭਾਜਪਾ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰ ਦੇਵੇਗੀ।

