
ਕਿਹਾ : ਮੋਦੀ ’ਚ ਇਹ ਕਹਿਣ ਦੀ ਹਿੰਮਤ ਨਹੀਂ ਕਿ ਟਰੰਪ ਝੂਠ ਬੋਲ ਰਹੇ ਹਨ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸਵਾਲ ਚੁੱਕੇ ਹਨ। ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਡਰਪੋਕ ਦੱਸਦਿਆਂ ਕਿਹਾ ਕਿ ਇਨ੍ਹਾਂ ’ਚ ਇਹ ਕਹਿਣ ਦੀ ਹਿੰਮਤ ਨਹੀਂ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਝੂਠ ਬੋਲ ਰਹੇ ਹਨ। ਜ਼ਿਕਰਯੋਗ ਹੈ ਕਿ ਟਰੰਪ ਵਲੋਂ ਵਾਰ-ਵਾਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਘਰਸ਼ ਨੂੰ ਰੋਕਿਆ ਹੈ। ਬਿਹਾਰ ਦੇ ਨਾਲੰਦਾ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਐਨ.ਡੀ.ਏ. ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ‘ਵੋਟ ਚੋਰੀ’ ਰਾਹੀਂ ਸਰਕਾਰ ਬਣਾਈ ਸੀ ਅਤੇ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਬਿਹਾਰ ਵਿਚ ‘ਇੰਡੀਆ’ ਗਠਜੋੜ ਦੀ ਸਰਕਾਰ ਬਣੀ ਤਾਂ ਦੁਨੀਆ ਦੀ ਸਭ ਤੋਂ ਵਧੀਆ ਯੂਨੀਵਰਸਿਟੀ ਵੀ ਨਾਲੰਦਾ ਵਿਖੇ ਬਣਾਈ ਜਾਵੇਗੀ।

