
1 ਕਰੋੜ ਨੌਜਵਾਨਾਂ ਨੂੰ ਨੌਕਰੀਆਂ ਅਤੇ ਮੁਫਤ ਸਿੱਖਿਆ ਦਾ ਵਾਅਦਾ
ਪਟਨਾ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐਨ.ਡੀ.ਏ. ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਇਸ ਮੈਨੀਫੈਸਟੋ ਵਿਚ ਹੋਰਨਾਂ ਚੀਜ਼ਾਂ ਦੇ ਨਾਲ-ਨਾਲ ਇਕ ਕਰੋੜ ਨੌਜਵਾਨਾਂ ਨੂੰ ਨੌਕਰੀਆਂ, ਇਕ ਕਰੋੜ ‘ਲੱਖਪਤੀ ਦੀਦੀ’ ਬਣਾਉਣ, ਚਾਰ ਹੋਰ ਸ਼ਹਿਰਾਂ ਵਿਚ ਮੈਟਰੋ ਰੇਲ ਸੇਵਾਵਾਂ ਅਤੇ ਸੂਬੇ ਵਿਚ ਸੱਤ ਅੰਤਰਰਾਸ਼ਟਰੀ ਹਵਾਈ ਅੱਡਿਆਂ ਦਾ ਵਾਅਦਾ ਕੀਤਾ ਗਿਆ ਹੈ। ਇਸ ਚੋਣ ਮੈਨੀਫੈਸਟੋ ਵਿਚ ਕਿਹਾ ਗਿਆ ਹੈ ਕਿ ਜੇਕਰ ਬਿਹਾਰ ਵਿਚ ਐਨ.ਡੀ.ਏ. ਸੱਤਾ ਵਿਚ ਆਉਂਦੀ ਹੈ ਤਾਂ ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ, 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਅਤੇ 50 ਲੱਖ ਹੋਰ ਪੱਕੇ ਮਕਾਨ ਵੀ ਬਣਾਏ ਜਾਣਗੇ। ਐਨ.ਡੀ.ਏ. ਵਲੋਂ ਚੋਣ ਮੈਨੀਫੈਸਟੋ ਇਕ ਪ੍ਰੈਸ ਕਾਨਫਰੰਸ ਕਰਕੇ ਜਾਰੀ ਕੀਤਾ ਗਿਆ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸਮਰਾਟ ਚੌਧਰੀ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਗਠਜੋੜ ਵਿਚ ਸ਼ਾਮਲ ਹੋਰ ਪਾਰਟੀਆਂ ਦੇ ਆਗੂ ਵੀ ਹਾਜ਼ਰ ਸਨ।

