
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਟੀਮ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਦੇ ਫਾਈਨਲ ਵਿਚ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਕ੍ਰਿਕਟ ਟੀਮ ਨੇ ਮੰੁਬਈ ਵਿਚ ਖੇਡੇ ਗਏ ਫਾਈਨਲ ਮੈਚ ’ਚ ਦੱਖਣੀ ਅਫਰੀਕਾ ਦੀ ਟੀਮ ਨੂੰ 52 ਦੌੜਾਂ ਨਾਲ ਹਰਾ ਕੇ ਨਵਾਂ ਇਤਿਹਾਸ ਸਿਰਜ ਦਿੱਤਾ। ਭਾਰਤੀ ਮਹਿਲਾ ਕਿ੍ਰਕਟ ਟੀਮ ਦੀ ਵਿਸ਼ਵ ਕੱਪ ਵਿਚ ਇਹ ਪਹਿਲੀ ਖਿਤਾਬੀ ਜਿੱਤ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ’ਤੇ 298 ਦੌੜਾਂ ਬਣਾਈਆਂ ਸਨ ਅਤੇ ਇਸਦੇ ਜਵਾਬ ਵਿਚ ਦੱਖਣੀ ਅਫਰੀਕਾ ਦੀ ਟੀਮ 246 ਦੌੜਾਂ ’ਤੇ ਆਊਟ ਹੋ ਗਈ ਸੀ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦਾ ਪਿੰਡ ਮੋਗਾ ਜ਼ਿਲ੍ਹੇ ਵਿਚ ਦੁਨੇਕੇ ਹੈ। ਜਦੋਂ ਭਾਰਤੀ ਟੀਮ ਜਿੱਤੀ ਤਾਂ ਮੋਗਾ ਵਿਚ ਵੀ ਜਸ਼ਨ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਨੇ ਖੁਸ਼ੀ ਵਿਚ ਭੰਗੜੇ ਪਾਏ ਅਤੇ ਪਟਾਖੇ ਵੀ ਚਲਾਏ। ਇਸਦੇ ਚੱਲਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ।

