
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਤਰਨਤਾਰਨ ਵਿਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਖਿਲਾਫ ਨਸਲੀ ਟਿੱਪਣੀ ਕਰ ਦਿੱਤੀ ਸੀ ਅਤੇ ਬੂਟਾ ਸਿੰਘ ਨੂੰ ਕਾਲਾ ਵਿਅਕਤੀ ਦੱਸਿਆ ਸੀ। ਵੜਿੰਗ ਨੇ ਭਾਵੇਂ ਆਪਣੀ ਇਸ ਟਿੱਪਣੀ ਲਈ ਮੁਆਫੀ ਮੰਗ ਲਈ ਹੈ, ਪਰ ਫਿਰ ਵੀ ਮਾਮਲਾ ਅਜੇ ਤੱਕ ਸ਼ਾਂਤ ਨਹੀਂ ਹੋਇਆ। ਇਸੇ ਦੌਰਾਨ ਵਾਲਮੀਕ ਭਾਈਚਾਰੇ ਨੇ ਜਲੰਧਰ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ। ਉਧਰ ਦੂਜੇ ਪਾਸੇ ਐਸ.ਸੀ./ਐਸ.ਟੀ. ਕਮਿਸ਼ਨ ਨੇ ਵੜਿੰਗ ਕੋਲੋਂ 6 ਨਵੰਬਰ ਤੱਕ ਜਵਾਬ ਮੰਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਐਕਟਿਵ ਹੋ ਗਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੜਿੰਗ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ। ਚੀਮਾ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਨੂੰ ਕਿਹਾ ਹੈ ਕਿ, ਇਸ ਮਾਮਲੇ ਵਿਚ ਰਾਜਾ ਵੜਿੰਗ ਨੂੰ ਪਾਰਟੀ ਵਿਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ।

