
ਵਰਲਡ ਕੱਪ ਜਿੱਤਣ ’ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਪਹਿਲੀ ਵਾਰ ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਮੁੰਬਈ ਵਿਚ ਖੇਡੇ ਗਏ ਫਾਈਨਲ ਮੈਚ ਵਿਚ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਦੀ ਟੀਮ ਨੂੰ ਹਰਾ ਕੇ ਟਰਾਫੀ ਆਪਣੇ ਨਾਮ ਕੀਤੀ। ਭਾਰਤ ਦੀਆਂ ਧੀਆਂ ਦੀ ਇਸ ਇਤਿਹਾਸਕ ਜਿੱਤ ਦੀ ਹਰ ਕੋਈ ਵਧਾਈ ਦੇ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨਾਲ ਵੀਡੀਓ ਕਾਲ ਜ਼ਰੀਏ ਗੱਲਬਾਤ ਕੀਤੀ ਅਤੇ ਪੂੁਰੀ ਟੀਮ ਨੂੰ ਵਧਾਈ ਦਿੱਤੀ ਹੈ। ਸੀਐਮ ਮਾਨ ਨੇ ਕਿਹਾ ਕਿ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਹਰਲੀਨ ਦਿਓਲ ਸਾਡੀਆਂ ਪੰਜਾਬ ਦੀਆਂ ਧੀਆਂ ਨੇ ਵਰਲਡ ਕੱਪ ਜਿੱਤ ਲਿਆ। ਸੀਐਮ ਨੇ ਕਿਹਾ ਕਿ ਇਨ੍ਹਾਂ ਧੀਆਂ ਨੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਸਮੁੱਚੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈਆਂ।

