-6.1 C
Toronto
Sunday, December 14, 2025
spot_img
Homeਹਫ਼ਤਾਵਾਰੀ ਫੇਰੀਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ‘ਚ ਟੇਕਿਆ ਮੱਥਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ‘ਤੇ ਦੀਪਮਾਲਾ ਵੀ ਕੀਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਾਨਵਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਣ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਚਾਰਕ ਢਾਡੀ, ਕਵੀਸ਼ਰੀ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ ਅਤੇ ਕਵੀ ਦਰਬਾਰ ਵਿਚ ਕਵੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਜਸ ਸਰਵਣ ਕਰਵਾਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਗਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 5 ਨਵੰਬਰ ਦਿਨ ਬੁੱਧਵਾਰ ਨੂੰ ਭਾਰਤ ਅਤੇ ਪਾਕਿਸਤਾਨ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਭਾਰਤ ਵਿੱਚ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ, ਉੱਥੇ ਪਾਕਿਸਤਾਨ ਵਿਖੇ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਵੇਰੇ ਨਗਰ ਕੀਰਤਨ ਸਜਾਇਆ ਗਿਆ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਗੁਰੂ ਸਾਹਿਬ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਜਥੇ ਦੇ ਆਗੂ ਮੈਂਬਰ ਬੀਬੀ ਗੁਰਿੰਦਰ ਕੌਰ ਅਤੇ ਗੁਰਮੀਤ ਸਿੰਘ ਬੂਹ ਨੇ ਵੱਡੀ ਗਿਣਤੀ ਵਿੱਚ ਸੰਗਤ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪੀਐਸਜੀਪੀਸੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਔਕਾਫ ਬੋਰਡ ਦੇ ਅਧਿਕਾਰੀ ਅਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਤੇ ਵੱਡੀ ਗਿਣਤੀ ਵਿੱਚ ਪਾਕਿਸਤਾਨੀ ਸਿੱਖ ਸੰਗਤਾਂ ਹਾਜ਼ਰ ਸਨ। ਭਾਰਤ ਤੋਂ ਗਈ ਸਿੱਖ ਸੰਗਤ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ।

RELATED ARTICLES
POPULAR POSTS