
ਸੀਬੀਆਈ ਨੇ ਅਦਾਲਤ ਵਿਚ ਕਿਹਾ : ਭੁੱਲਰ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ
ਚੰਡੀਗੜ੍ਹ/ਬਿਊਰੋ ਨਿਊਜ਼
ਰਿਸ਼ਵਤਖੋਰੀ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦਾ 5 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸਨੂੰ ਅੱਜ ਚੰਡੀਗੜ੍ਹ ਸਥਿਤ ਸੀਬੀਆਈ ਦੀ ਸਪੈਸ਼ਲ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਥੋਂ ਭੁੱਲਰ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਹੁਣ 20 ਨਵੰਬਰ ਨੂੰ ਮਾਮਲੇ ਦੀ ਸੁਣਵਾਈ ਹੋਵੇਗੀ ਅਤੇ ਇਸ ਦਿਨ ਭੁੱਲਰ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਵੇਗੀ। ਸੁਣਵਾਈ ਦੌਰਾਨ ਸੀਬੀਆਈ ਦੇ ਵਕੀਲ ਨੇ ਅਦਾਲਤ ਵਿਚ ਕਿਹਾ ਕਿ ਡੀਆਈਜੀ ਭੁੱਲਰ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਹੇ ਅਤੇ ਉਹ ਸੀਬੀਆਈ ਵਲੋਂ ਪੁੱਛੇ ਗਏ ਸਵਾਲਾਂ ਦਾ ਸਹੀ ਜਵਾਬ ਨਹੀਂ ਦੇ ਰਹੇ। ਉਧਰ ਦੂੁਜੇ ਪਾਸੇ ਡੀਆਈਜੀ ਦੇ ਵਕੀਲ ਦਾ ਕਹਿਣਾ ਸੀ ਕਿ ਭੁੱਲਰ ਨੂੰ ਜੇਲ੍ਹ ਦੇ ਅੰਦਰ ਮੈਡੀਕਲ ਸਹੂਲਤ ਦਿੱਤੀ ਜਾਵੇ। ਇਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਇਸ ਸਬੰਧੀ ਅਰਜ਼ੀ ਜੇਲ੍ਹ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

