ਪੰਜਾਬ ਸਰਕਾਰ ਨੇ ਬਣਾਈ ਨਵੀਂ ਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾ ਆਗਿਆ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਇਸ ਨੂੰ ਲੈ ਕੇ ਇਕ ਨੀਤੀ ਬਣਾਈ ਗਈ ਹੈ। ਇਸ ਨੀਤੀ ਮੁਤਾਬਕ ਸਰਪੰਚਾਂ ਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਬਕਾਇਦਾ ਸਮਰੱਥ ਅਧਿਕਾਰੀ ਤੋਂ ਆਗਿਆ ਲੈਣੀ ਪਵੇਗੀ।
ਇਸ ਦੇ ਚੱਲਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਜਦੋਂ ਸਰਪੰਚ ਤੇ ਪੰਚ ਵਿਦੇਸ਼ ਚਲੇ ਜਾਂਦੇ ਹਨ ਤਾਂ ਪਿੰਡਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੁੰਦੇ ਹਨ, ਜਿਸ ਕਰਕੇ ਵਿਦੇਸ਼ ਜਾਣ ਤੋਂ ਪਹਿਲਾਂ ਇਨ੍ਹਾਂ ਨੂੰ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।
ਧਿਆਨ ਰਹੇ ਕਿ ਇਸ ਵੇਲੇ ਪੰਜਾਬ ਵਿਚ 13 ਹਜ਼ਾਰ 238 ਸਰਪੰਚ ਅਤੇ 83 ਹਜ਼ਾਰ 437 ਪੰਚਾਇਤ ਮੈਂਬਰ ਹਨ।
ਪੰਚਾਇਤ ਵਿਭਾਗ ਵਲੋਂ ਪਹਿਲੀ ਵਾਰ ਅਜਿਹੀ ਨੀਤੀ ਬਣਾਈ ਗਈ ਹੈ, ਜਿਸ ਤਹਿਤ ਸਰਪੰਚਾਂ ਤੇ ਪੰਚਾਂ ਵਾਸਤੇ ਵਿਦੇਸ਼ ਜਾਣ ਲਈ ਛੁੱਟੀ ਲੈਣੀ ਲਾਜ਼ਮੀ ਕਰ ਦਿੱਤੀ ਗਈ ਹੈ।

