
ਢਾਕਾ/ਬਿਊਰੋ ਨਿਊਜ਼
ਬੰਗਲਾਦੇਸ਼ੀ ਟਿ੍ਰਬਿਊਨਲ ਨੇ ਮੁਲਕ ਦੀ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ ਸਾਬਕਾ ਗ੍ਰਹਿ ਮੰਤਰੀ ਅਸਦ ਉਜ਼ ਜ਼ਮਾਨ ਖ਼ਾਨ ਕਾਮਲ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਹਸੀਨਾ ਉੱਤੇ ਪਿਛਲੇ ਸਾਲ ਵਿਦਿਆਰਥੀਆਂ ਦੀ ਅਗਵਾਈ ਵਾਲੇ ਅੰਦੋਲਨ ਦੌਰਾਨ ਮਨੁੱਖਤਾ ਖਿਲਾਫ ਕਥਿਤ ਅਪਰਾਧਾਂ ਦੇ ਮਾਮਲੇ ’ਚ ਮੁਕੱਦਮਾ ਚਲਾਇਆ ਗਿਆ ਸੀ। ਵਿਦਿਆਰਥੀ ਅੰਦੋਲਨ ਕਰਕੇ ਹਸੀਨਾ ਦੀ ਸਰਕਾਰ ਡਿੱਗ ਗਈ ਸੀ ਤੇ ਉਸ ਨੂੰ ਮੁਲਕ ਛੱਡ ਕੇ ਭੱਜਣਾ ਪਿਆ ਸੀ। ਇਸ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ ਨੇ ਕਿਹਾ ਕਿ ਇਹ ਫੈਸਲਾ ਇੱਕ ਗੈਰ-ਚੁਣੀ ਹੋਈ ਸਰਕਾਰ ਵੱਲੋਂ ਸਥਾਪਤ ਕੀਤੇ ਗਏ ਟਿ੍ਰਬਿਊਲ ਵਲੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਇਸਦੀ ਪ੍ਰਧਾਨਗੀ ਇੱਕ ਅਜਿਹੇ ਟਿ੍ਰਬਿਊਨਲ ਨੂੰ ਦਿੱਤੀ ਗਈ ਹੈ, ਜਿਸ ਨੂੰ ਲੋਕਤੰਤਰੀ ਅਧਿਕਾਰ ਨਹੀਂ ਹੈ। ਇਸ ਦੇ ਚੱਲਦਿਆਂ ਫੈਸਲੇ ਤੋਂ ਪਹਿਲਾਂ ਪੂਰੇ ਬੰਗਲਾਦੇਸ਼ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਸੀ। ਪੁਲਿਸ ਨੂੰ ਕੌਮੀ ਰਾਜਧਾਨੀ ਢਾਕਾ ਵਿੱਚ ਹਿੰਸਕ ਪ੍ਰਦਰਸ਼ਨਕਾਰੀਆਂ ਨੂੰ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ।

