
ਮੰਤਰੀ ਸੰਜੀਵ ਅਰੋੜਾ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਟਰਾਈਡੈਂਟ ਗਰੁੱਪ ਵੱਲੋਂ 2 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਇਹ ਨਿਵੇਸ਼ ਬਰਨਾਲਾ ਅਤੇ ਮੁਹਾਲੀ ਵਿੱਚ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਵਿੱਚ 1500 ਕਰੋੜ ਅਤੇ ਮੁਹਾਲੀ ਵਿੱਚ 500 ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਪੰਜਾਬ ਵਿੱਚ ਦੋ ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨਵਾਂ ਰੁਜ਼ਗਾਰ ਮਿਲੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਸ਼ਾਮਲ ਹੋਣਗੀਆਂ। ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 1 ਲੱਖ 40 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਹੋ ਚੁੱਕਾ ਹੈ। ਸੰਜੀਵ ਅਰੋੜਾ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਵਿੱਚ ਸੂਬੇ ਲਈ ਨਵੀਂ ਉਦਯੋਗਿਕ ਨੀਤੀ ਵੀ ਲਿਆਂਦੀ ਜਾਵੇਗੀ।

