
ਸੀਐਮ ਮਾਨ ਨੇ ਕਿਹਾ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਬਣੇਗੀ ਯੂਨੀਵਰਸਿਟੀ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਅੱਜ ਪੰਜਾਬ, ਚੰਡੀਗੜ੍ਹ, ਦਿੱਲੀ ਤੇ ਹਰਿਆਣਾ ਸਣੇ ਵੱਖ-ਵੱਖ ਥਾਈਂ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸਦੇ ਚੱਲਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਵਰਲਡ ਕਲਾਸ ਯੂਨੀਵਰਸਿਟੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅੰਮਿ੍ਰਤਸਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚ ਸੰਗਤ ਦੇ ਲਈ ਮੁਫਤ ਬੱਸ ਅਤੇ ਆਟੋ ਸੇਵਾ ਚਲਾਈ ਜਾਵੇਗੀ, ਜਿਸਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਚ ਨਵੀਂ ਹੈਰੀਟੇਜ ਸਟਰੀਟ ਵਿਕਸਤ ਕੀਤੀ ਜਾਵੇਗੀ, ਜਿਸ ਵਿਚ ਸ਼ਹਿਰ ਦੀ ਸੰਸਕ੍ਰਿਤੀ ਅਤੇ ਇਤਿਹਾਸਕ ਮਹੱਤਵ ਨੂੰ ਆਧੁਨਿਕ ਸਹੂਲਤਾਂ ਦੇ ਨਾਲ ਪੇਸ਼ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਸਮਾਗਮ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਅਤੇ ਮੰਤਰੀ ਹਰਜੋਤ ਸਿੰਘ ਬੈਂਸ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਦੀ ਖੁਸ਼ਹਾਲੀ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦੀ ਸਮਾਗਮ ਮਨਾਉਣ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਹਨ, ਪਰ ਫਿਰ ਵੀ ਜੇਕਰ ਕੋਈ ਕਮੀ ਰਹਿ ਗਈ ਹੋਵੇ ਤਾਂ ਮੈਂ ਮੁਆਫੀ ਮੰਗਦਾ ਹਾਂ।

