890ਭਵਨਦੀਪ ਸਿੰਘ ਪੁਰਬਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਮੁਢਲੀ ਜਾਣਕਾਰੀ ਤਾਂ ਸਿੱਖ ਸੰਗਤ ਨੂੰ ਪਤਾ ਹੀ ਹੈ ਫਿਰ ਵੀ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ, ਉਨ੍ਹਾਂ ਦੇ ਜੀਵਨ ਜਾਣੂ ਕਰਵਾਉਣ ਲਈ ਕਾਰਜ ਕਰਨਾ ਸਾਡਾ ਫਰਜ ਹੈ। ਇਤਿਹਾਸ ਦੇ ਪੰਨਿਆਂ ਤੇ ਨਿਗ੍ਹਾ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਹਿੱਦੂ ਧਰਮ ਦੀ ਰਾਖੀ ਲਈ ਬਹੁੱਤ ਵੱਡੀ ਕੁਰਬਾਨੀ ਦਿੱਤੀ ਹੈ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਨਮ ਈਸਵੀ ਸੰਮਤ ਅਨੁਸਾਰ 1 ਅਪ੍ਰੈਲ 1621 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰਦਵਾਰਾ ਗੁਰੂ ਕੇ ਮਹਿਲ ਦੇ ਸਥਾਨ ‘ਤੇ ਹੋਇਆ ਸੀ। ਉਸ ਸਮੇਂ ਮੁਗਲਾਂ ਦਾ ਰਾਜ ਸੀ। ਉਨ੍ਹਾਂ ਦਾ ਬਚਪਨ ਦਾ ਨਾਮ ਤਿਆਗ ਮੱਲ ਸੀ। ਉਨ੍ਹਾਂ ਦੇ ਪਿਤਾ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਮਾਤਾ ਨਾਨਕੀ ਜੀ ਸਨ। ਉਨ੍ਹਾਂ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634 ਨੂੰ ਹੋਇਆ, ਉਨ੍ਹਾਂ ਨੂੰ ਵਿਆਹ ਤੋ 32 ਸਾਲ ਮਗਰੋਂ ਪੁੱਤਰ ਦੀ ਦਾਤ ਪ੍ਰਾਪਤ ਹੋਈ ਜਿਨ੍ਹਾਂ ਦਾ ਨਾਮ ਗੋਬਿੰਦ ਰਾਏ ਜੀ ਰੱਖਿਆ ਗਿਆ। ਗੋਬਿੰਦ ਰਾਏ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰਿਆਂ ਤੋਂ ਆਪ ਅੰਮ੍ਰਿਤ ਛਕਿਆ। ਅੰਮ੍ਰਿਤ ਛਕ ਕੇ ਉਹ ਗੋਬਿੰਦ ਰਾਏ ਤੋਂ ਗੋਬਿੰਦ ਸਿੰਘ ਬਣੇ।
ਸਿੱਖ ਇਤਿਹਾਸ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ 1664 ਈਸਵੀਂ ਨੂੰ ਗੁਰਗੱਦੀ ਪ੍ਰਾਪਤ ਹੋਈ। ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ। ਆਪ ਜੀ ਬਚਪਨ ਤੋਂ ਹੀ ਵੈਰਾਗੀ ਸੁਭਾਅ ਦੇ ਮਾਲਕ ਸਨ। ਆਪ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ ਸੀ। ਗੁਰਿਆਈ ਗੱਦੀ ਮਿਲਣ ਤੋਂ ਬਾਅਦ ਆਪ ਜੀ ਨੇ ਸ਼੍ਰੀ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ। ਉਨ੍ਹਾਂ ਦੀ ਬਾਣੀ 15 ਰਾਗਾਂ ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ।
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 20 ਸਾਲ ਭੋਰੇ ਵਿੱਚ ਬੈਠ ਕੇ ਭਗਤੀ ਕਰਦੇ ਰਹੇ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿਦਿਆ ਆਪਣੀ ਦੇਖ-ਰੇਖ ਹੇਠ ਦਿਵਾਈ ਸੀ ਇਸ ਕਰਕੇ ਆਪ ਜੀ ਸੂਰਬੀਰ, ਯੋਧੇ, ਸ਼ਸਤਰਧਾਰੀ, ਧਰਮ ਤੇ ਰਾਜਨੀਤੀ ਵਿੱਚ ਸਭ ਪਾਸਿਓ ਨਿਪੁੰਨ ਸਨ। ਸੰਨ 1634 ਈਸਵੀ ਵਿੱਚ ਆਪ ਨੇ ਆਪਣੇ ਪਿਤਾ ਜੀ ਨਾਲ ਮਿਲਕੇ ਕਰਤਾਰਪੁਰ ਦੇ ਯੁੱਧ ਵਿੱਚ ਆਪਣੀ ਕਲਾ ਦੇ ਜੌਹਰ ਵਿਖਾਏ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇਨ੍ਹਾਂ ਦੀ ਬਹਾਦਰੀ ਨੂੰ ਵੇਖਦਿਆਂ ਆਪ ਦਾ ਨਾਮ ਤੇਗ ਬਹਾਦਰ ਰੱਖ ਦਿੱਤਾ। ਜਿਸ ਦਾ ਅਰਥ ਹੈ ਤਲਵਾਰ ਦਾ ਧਨੀ ਹੈ। ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਗੁਰੂ ਜੀ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਇਸ ਤਰ੍ਹਾਂ ਗੁਰੂ ਜੀ ਨੇ ਹਰਮਿੰਦਰ ਸਾਹਿਬ ਕੋਲ ਨਿਵਾਸ ਕੀਤਾ। ਜਿੱਥੇ ਗੁਰਦੁਆਰਾ ਥੰਮ ਸਾਹਿਬ (ਥੜਾ ਸਾਹਿਬ) ਬਣਾਇਆ ਗਿਆ। ਫਿਰ ਗੁਰੂ ਜੀ ਨੇ ਧਰਮ ਪ੍ਰਚਾਰ ਲਈ ਯਾਤਰਾਵਾਂ ਕਰਨੀਆਂ ਸ਼ੁਰੂ ਕੀਤੀਆਂ। ਸਭ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਘੁੱਕੇ ਵਾਲੀ ਗਏ ਜਿਥੇ ਕੁਦਰਤੀ ਸੁੰਦਰਤਾ ਬਹੁਤ ਸੀ। ਜਿਸ ਤੋਂ ਖੁਸ਼ ਹੋ ਕੇ ਇਸ ਦਾ ਨਾਮ ‘ਗੁਰੂ ਕਾ ਬਾਗ’ ਰੱਖ ਦਿੱਤਾ। ਫਿਰ ਗੁਰੂ ਜੀ ਤਰਨਤਾਰਨ, ਖਡੂਰ ਸਾਹਿਬ, ਗੋਇੰਦਵਾਲ ਤੋਂ ਮਾਲਵੇ ਦੇ ਇਲਾਕੇ ਤਲਵੰਡੀ ਸਾਬੋ, ਮੋੜ ਮੰਡੀ, ਮਹਿਸਰਖਾਨਾ ਆਦਿ ਥਾਵਾਂ ‘ਤੇ ਗਏ। ਬਾਬਾ ਬਕਾਲੇ ਤੋਂ ਬਾਅਦ ਆਪ ਕੀਰਤਪੁਰ ਪਹੁੰਚੇ ਸਨ ਤੇ ਫਿਰ ਕਹਿਲੂਰ ਦੇ ਰਾਜੇ ਤੋਂ ਜਮੀਨ ਖਰੀਦ ਕੇ ਆਨੰਦਪੁਰ ਸਾਹਿਬ ਸ਼ਹਿਰ ਵਸਾਇਆ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।
ਆਪ ਜੀ ਦੇ ਜੀਵਨ ਨਾਲ ਜੁੜੀ ਇੱਕ ਘਟਨਾ ਦਾ ਜ਼ਿਕਰ ਆਉਂਦਾ ਹੈ ਕਿ ਭਾਈ ਮੱਖਣ ਸ਼ਾਹ ਲੁਬਾਣਾ ਜਿਸ ਦਾ ਜਹਾਜ਼ ਸਮੁੰਦਰ ਦੀ ਘੁੰਮਣ ਘੇਰੀ ਵਿੱਚ ਵਿੱਚ ਫਸ ਗਿਆ ਸੀ ਉਸ ਨੇ ਗੁਰੂ ਜੀ ਦੇ ਚਰਨਾ ਵਿੱਚ ਅਰਦਾਸ ਕੀਤੀ ਕਿ ਮੇਰੀ ਬੇੜੀ ਬੰਨੇ ਲਗਾ ਦਿਓ ਮੈਂ 500 ਮੋਹਰਾਂ ਮੱਥਾ ਟੇਕਾਂਗਾ। ਗੁਰੂ ਜੀ ਦੀ ਕਿਰਪਾ ਨਾਲ ਉਸ ਦੀ ਬੇੜੀ ਪਾਰ ਲੱਗ ਗਈ ਅਤੇ ਆਪਣੀ ਸੁੱਖਣਾ ਦੀਆਂ 500 ਮੋਹਰਾਂ ਲੈ ਕੇ ਬਾਬੇ ਬਕਾਲੇ ਪੁੱਜਾ। ਉਸ ਸਮੇਂ ਉਥੇ 22 ਗੁਰੂਆਂ ਦੀਆਂ ਮੰਜੀਆਂ ਲੱਗੀਆਂ ਹੋਈਆਂ ਸਨ। ਉਹ ਸੋਚਣ ਲੱਗਾ ਕਿ ਕਿਸ ਨੂੰ 500 ਮੋਹਰਾਂ ਭੇਂਟ ਕੀਤੀਆਂ ਜਾਣ।
ਉਸ ਨੇ ਅਸਲੀ ਗੁਰੂ ਦੀ ਭਾਲ ਕਰਨ ਲਈ ਸਭ ਅੱਗੇ 5-5 ਮੋਹਰਾਂ ਰੱਖ ਦਿੱਤੀਆ ਪਰ ਕੋਈ ਕੁਝ ਨਹੀਂ ਬੋਲਿਆ। ਉਸ ਨੂੰ ਪਤਾ ਲੱਗਾ ਕਿ ਇੱਕ ਗੁਰੂ ਸਾਹਿਬ ਭੋਰੇ ਵਿੱਚ ਵੀ ਰਹਿੰਦੇ ਹਨ। ਮੱਖਣ ਸ਼ਾਹ ਲੁਬਾਣਾ ਉਸ ਭੋਰੇ ਵਿੱਚ ਗਿਆ ਉਸ ਨੇ ਗੁਰੂ ਜੀ ਅੱਗੇ 5 ਮੋਹਰਾ ਭੇਂਟ ਕੀਤੀਆ ਤੇ ਮੱਥਾ ਟੇਕਿਆ। ਅੱਗੋ ਗੁਰੂ ਜੀ ਨੇ ਕਿਹਾ, ਉਸੁੱਖਣਾ 500 ਦੀ ਕਰਦਾ ਹੈ ਤੇ ਕੇਵਲ 5 ਮੋਹਰਾਂ ਭੇਂਟ ਕਰ ਰਿਹਾ ਹੈ। ਮੱਖਣ ਸ਼ਾਹ ਲੁਬਾਣਾ ਗੱਦ-ਗੱਦ ਹੋ ਗਿਆ ਤੇ ਉੱਚੀ-ਉੱਚੀ ਰੋਲਾ ਪਾਉਣ ਲੱਗਾ ‘ਗੁਰੂ ਲਾਧੋ ਰੇ, ਗੁਰੂ ਲਾਧੋ ਰੇ’ ਭਾਵ ਸੱਚਾ ਗੁਰੂ ਲੱਭ ਗਿਆ ਹੈ।
ਉਸ ਸਮੇ ਮੁਗਲ ਬਾਦਸਾਹ ਔਰੰਗਜ਼ੇਬ ਦੇ ਹੁਕਮ ਅਨੁਸਾਰ ਕਸ਼ਮੀਰ ਦਾ ਸੂਬੇਦਾਰ ਸ਼ੇਰ ਅਫ਼ਗਾਨ ਤਲਵਾਰ ਦੇ ਜ਼ੋਰ ਨਾਲ ਕਸ਼ਮੀਰੀ ਹਿੰਦੂਆਂ ਨੂੰ ਮੁਸਲਮਾਨ ਬਣਾ ਰਿਹਾ ਸੀ। ਕਸ਼ਮੀਰ ਦੇ ਦੁਖੀ ਪੰਡਤਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਮੱਦਦ ਲੈਣ ਦਾ ਫੈਸਲਾ ਲਿਆ। 25 ਮਈ 1675 ਦੇ ਦਿਨ 16 ਕਸ਼ਮੀਰੀ ਪੰਡਤਾਂ ਦਾ ਇੱਕ ਜੱਥਾ ਵੀ ਚੱਕ ਨਾਨਕੀ ਆਇਆ। ਉਹ ਇੱਕ ਮੋਹਤਬਰ ਸਿੱਖ ਆਗੂ ਭਾਈ ਕਿਰਪਾ ਰਾਮ ਦੱਤ ਨੂੰ ਵੀ ਅਪਣੇ ਨਾਲ ਲੈ ਕੇ ਆਏ ਸਨ। ਭਾਈ ਕਿਰਪਾ ਰਾਮ, ਕਸ਼ਮੀਰ ਵਿੱਚ ਸਿੱਖ ਧਰਮ ਦੇ ਸੱਭ ਤੋਂ ਵੱਡੇ ਪ੍ਰਚਾਰਕਾਂ ਵਿੱਚੋਂ ਇੱਕ ਸਨ।
ਕਸ਼ਮੀਰੀ ਪੰਡਤਾਂ ਨੇ ਗੁਰੂ ਸਾਹਿਬ ਨੂੰ ਦੱਸਿਆ ਕਿ ਅਸੀਂ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਚੀ, ਮਥਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫੜੀ। ਅਸੀ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ। ਉਹ ਹਰ ਰੋਜ਼ ਸੈਂਕੜੇ ਪੰਡਤਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਉਨ੍ਹਾਂ ਨੇ ਆਪਣੀ ਬੇਬਸੀ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ ਕਿ ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਨੇ ਪੰਡਤਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਗੁਰੂ ਜੀ ਨੇ ਕਿਹਾ, ਉਜਾਉ, ਸੂਬੇਦਾਰ ਨੂੰ ਆਖ ਦਿਉ ਕਿ ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਪੰਡਤ ਮੁਸਲਮਾਨ ਬਣ ਜਾਣਗੇ। ਗੁਰੂ ਸਾਹਿਬ ਦੀ ਗੱਲ ਸੁਣ ਕੇ ਪੰਡਤਾਂ ਦੀ ਜਾਨ ਵਿੱਚ ਜਾਨ ਆਈ। ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ਵਿੱਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿੱਚ ਸੰਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬੜ ਬਹੁਤ ਉੱਚੇ ਚਲੇ ਗਏ ਹਨ। ਹੁਣ ਕਿਸੇ ਮਹਾਂਪੁਰਖ ਦੇ ਬਲੀਦਾਨ ਦੀ ਲੋੜ ਹੈ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਧਰਮ ਦੀ ਰੱਖਿਆ ਕਰੋ। ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਦੇ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲਵੋ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ। ਬਾਲ ਗੋਬਿੰਦ ਰਾਏ ਦੇ ਕਹਿਣ ‘ਤੇ ਆਪ ਤਿਲਕ ਜੰਝੂ ਦੀ ਰਖਵਾਲੀ ਲਈ ਆਪਣੇ ਸਾਥੀਆਂ ਸਮੇਤ ਦਿੱਲੀ ਪਹੁੰਚੇ। ਆਪ ਨੂੰ ਤੇ ਆਪ ਦੇ ਸਾਥੀਆਂ ਨੂੰ ਆਗਰੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ ਵਿੱਚ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਨਿਭਾ ਰਹੇ ਹੋ। ਬਾਦਸ਼ਾਹ ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ। ਪਰ ਇਸ ਦੇ ਉਲਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ। ਔਰੰਗਜ਼ੇਬ! ਤੇਰੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਾਸੂਮ ਹਿੰਦੂਆਂ ਦੀ ਰੱਖਿਆ ਲਈ ਅਸੀਂ ਮੈਦਾਨ ਵਿੱਚ ਆ ਨਿੱਤਰੇ ਹਾਂ। ਤੂੰ ਤਾਂ ਬਾਦਸ਼ਾਹ ਹੋਣ ਦੇ ਨਾਤੇ ਆਪਣੀ ਪਰਜਾ ਤੋਂ ਮੂੰਹ ਮੋੜੀ ਬੈਠਾ ਹੈਂ ਪਰ ਅਸੀਂ ਇਨ੍ਹਾਂ ਮਜ਼ਲੂਮਾਂ ਦੀ ਬਾਂਹ ਪਕੜ ਲਈ ਹੈ। ਇਸ ਪ੍ਰਕਾਰ ਗੁਰੂ ਜੀ ਨੂੰ ਚੜ੍ਹਦੀ ਕਲਾ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੇ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ਵਿੱਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ਵਿੱਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ। ਆਪ ਦੁਆਰਾ ਹਕੂਮਤ ਦੀ ਨੀਤੀ ਅਨੁਸਾਰ ਇਸਲਾਮ ਧਰਮ ਕਬੂਲ ਨਾ ਕਰਨ ਕਰਕੇ ਚਾਂਦਨੀ ਚੌਂਕ ਦੀ ਕੋਤਵਾਲੀ ਵਿੱਚ ਆਪ ਨੂੰ ਅਨੇਕਾਂ ਕਸ਼ਟ ਦਿੱਤੇ ਗਏ। ਆਪ ਜੀ ਅਡੋਲ ਰਹੇ। ਗੁਰੂ ਜੀ ਦੀ ਦਰਦ ਨੂੰ ਦੇਖ ਕੇ ਹਾਕਮਾਂ ਨੇ ਪਹਿਲਾਂ ਆਪ ਦੇ ਸਿੱਖ ਸਾਥੀਆਂ ਨੂੰ ਸ਼ਹੀਦ ਕੀਤਾ। ਭਾਈ ਮਤੀਦਾਸ ਜੀ ਨੂੰ ਆਰੇ ਨਾਲ ਚੀਰ ਦਿੱਤਾ ਗਿਆ। ਭਾਈ ਸਤੀਦਾਸ ਨੂੰ ਰੂੰ ਵਿੱਚ ਲਪੇਟ ਕੇ ਸਾੜ ਦਿੱਤਾ ਗਿਆ। ਭਾਈ ਦਿਆਲਾ ਜੀ ਨੂੰ ਉਬਾਲਦੀ ਦੇਗ ਵਿੱਚ ਪਾ ਕੇ ਸ਼ਹੀਦ ਕੀਤਾ ਗਿਆ। ਗੁਰੂ ਜੀ ਸ਼ਹੀਦੀ ਦੇਣ ਲਈ ਤਿਆਰ ਸਨ। ਜਲ੍ਹਾਦ ਨੇ ਆਪ ਦਾ ਸਿਰ ਧੜ ਨਾਲੋਂ ਵੱਖ ਕਰ ਦਿੱਤਾ। ਇਸ ਤਰ੍ਹਾਂ ਆਪ ਨੇ ‘ਸ਼ੀਸ ਦੀਆ ਪਰ ਸਿਦਕ ਨਾ ਦੀਆ’। ਇਹ ਮਹਾਨ ਬਲੀਦਾਨ ਨਵੰਬਰ 1675 ਵਿੱਚ ਹੋਇਆ। ਇਥੇ ਅੱਜ-ਕੱਲ੍ਹ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਸੁਸ਼ੋਭਿਤ ਹੈ। ਆਪ ਜੀ ਦਾ ਇੱਕ ਸੇਵਕ ਭਾਈ ਜੈਤਾ ਜੋ ਦਿੱਲੀ ਤੋ ਗੁਰੂ ਸਾਹਿਬ ਜੀ ਦਾ ਸ਼ੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚਿਆ। ਆਨੰਦਪੁਰ ਸਾਹਿਬ ਆਪ ਜੀ ਦੇ ਸ਼ੀਸ ਦਾ ਸੰਸਕਾਰ ਕੀਤਾ ਗਿਆ। ਇਸ ਸਥਾਨ ਉਪਰ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ ਜਿਥੇ ਲੱਖਾਂ ਸੰਗਤਾ ਧਰਮ ਰੱਖਿਅਕਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਪਹੁੰਚਦੀਆਂ ਹਨ। ਆਪ ਜੀ ਦੀ ਮਹਾਨ ਕੁਰਬਾਨੀ ਨੇ ਲੋਕਾਂ ਦੀ ਸੋਚਣੀ ਵਿੱਚ ਇਨਕਲਾਬ ਲੈਕੇ ਆਂਦਾ। ਆਪ ਜੀ ਦੀ ਮਹਾਨ ਕੁਰਬਾਨੀ ਤੋ ਬਾਅਦ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਤੇ ਜ਼ਾਲਮ ਹਕੂਮਤ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ। ਅੰਤ ਵਿੱਚ ਇਹ ਕਹਿ ਸਕਦੇ ਹਾਂ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹਿੰਦ ਦੀ ਚਾਦਰ ਹਨ।
ਵਿਸ਼ਵ ਇਤਿਹਾਸ ਵਿਚ ਵਿਲੱਖਣ ਹੈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ
RELATED ARTICLES

