ਉਨਟਾਰੀਓ : ਕੈਨੇਡਾ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਉਨਟਾਰੀਓ ਖਾਲਸਾ ਦਰਬਾਰ ਵਿਖੇ ਲੰਘੀ 25 ਨਵੰਬਰ ਨੂੰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਈ ਗਈ ਅਤੇ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿੱਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਰਾਗੀ ਜੱਥਿਆ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਦੂਜੇ ਗ੍ਰੰਥੀ ਸਿੰਘਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਨ੍ਹਾਂ ਸਮਾਗਮਾਂ ਵਿਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਨੂੰ ਯਾਦ ਕਰਾਇਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰੂ ਘਰ ਅਤੇ ਗੁਰੂ ਘਰ ਵਿੱਚ ਚੱਲ ਰਹੇ ਗੁਰਮਤਿ ਸਕੂਲ ਵਿੱਚ ਜ਼ਰੂਰ ਲੈ ਕੇ ਆਓ ਤਾਂ ਜੋ ਬੱਚਿਆਂ ਨੂੰ ਪਤਾ ਲੱਗ ਸਕੇ ਕਿ ਸਾਡੇ ਗੁਰੂ ਸਹਿਬਾਨਾਂ ਨੇ ਆਪਣੇ ਤੇ ਹੋਰ ਧਰਮਾਂ ਅਤੇ ਮੁਨੱਖੀ ਹੱਕਾਂ ਦੀ ਰਾਖੀ ਦੇ ਲਈ ਸ਼ਹਾਦਤ ਦਿੱਤੀ। ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਗੂਰੂ ਘਰ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਅਤੇ ਸਹਾਇਕ ਸਕੱਤਰ ਸਰਬਜੀਤ ਸਿੰਘ ਨੇ ਸਮੂਹ ਸੰਗਤ ਨੂੰ ਸੰਬੋਧਨ ਕਰਦੇ ਹੋਏ ਗੁਰੂ ਸਾਹਿਬ ਦੇ ਜੀਵਨ ‘ਤੇ ਝਾਤ ਪਾਈ ਅਤੇ ਦੱਸਿਆ ਕੇ ਕਿਵੇਂ ਗੁਰੂ ਸਾਹਿਬ ਜੀ ਨੇ ਮੁਨੱਖੀ ਹੱਕਾਂ ਦੀ ਰਾਖੀ ਲਈ ਆਪਣੇ ਗੁਰਸਿੱਖਾਂ ਸਮੇਤ ਕਿਵੇਂ ਸ਼ਹਾਦਤ ਪਾਈ। ਇਸ ਮੌਕੇ ਹਾਜ਼ਰ ਸੰਗਤਾਂ ਨੂੰ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸ਼ਮਸ਼ੇਰ ਸਿੰਘ, ਭਾਈ ਦਰਸ਼ਨਜੀਤ ਸਿੰਘ ਤੇ ਭਾਈ ਰਵਿੰਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਜਗਦੀਸ਼ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਮਨਜੋਤ ਸਿੰਘ, ਭਾਈ ਇੰਦਰਜੀਤ ਸਿੰਘ ਤੇ ਅਖੰਡ ਕੀਰਤਨੀ ਜੱਥੇ ਨੇ ਗੁਰਬਾਣੀ ਕੀਰਤਨ ਅਤੇ ਪ੍ਰਿੰਸੀਪਲ ਗਿਆਨੀ ਗੁਰਬਚਨ ਸਿੰਘ ਵੱਲੋਂ ਕਥਾ ਵਿਚਾਰਾਂ ਅਤੇ ਗਿਆਨੀ ਅਮਨਦੀਪ ਸਿੰਘ ਭੁੱਲਾਰਾਈ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਸਰਵਣ ਕਰਵਾਈਆਂ ਗਈਆਂ। ਇਸ ਮੌਕੇ ‘ਤੇ ਉਨਟਾਰੀਓ ਖ਼ਾਲਸਾ ਦਰਬਾਰ ਦੇ ਸਕੂਲ ਦੇ ਬੱਚਿਆਂ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵਾਈਸ ਪ੍ਰਧਾਨ ਗੁਰਿੰਦਰਜੀਤ ਸਿੰਘ ਭੁੱਲਰ, ਚੇਅਰਮੈਨ ਬਲਜੀਤ ਸਿੰਘ ਪੰਡੋਰੀ, ਖ਼ਜ਼ਾਨਚੀ ਭੁਪਿੰਦਰ ਸਿੰਘ ਬਾਠ, ਨਵਜੀਤ ਸਿੰਘ, ਸਰਦਾਰਾ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਨਾਹਲ ਅਤੇ ਦਵਿੰਦਰ ਸਿੰਘ ਧਾਲੀਵਾਲ ਸਾਰੇ ਕਮੇਟੀ ਮੈਂਬਰ ਅਤੇ ਮੈਨੇਜਰ ਗੁਰਵੀਰ ਸਿੰਘ ਮੌਜੂਦ ਸਨ।







