
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਸੰਸਦ ਦੇ ਇਜਲਾਸ ਵਿਚ ਹਿੱਸਾ ਲੈਣ ਦੇ ਲਈ ਪੈਰੋਲ ਨਾ ਦੇਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਵਿਚ ਹੁਣ ਆਉਂਦੀ 1 ਦਸੰਬਰ ਦਿਨ ਸੋਮਵਾਰ ਨੂੰ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅੰਮਿ੍ਰਤਪਾਲ ਸਿੰਘ ਦੀ ਪੈਰੋਲ ’ਤੇ ਇਕ ਹਫਤੇ ਵਿਚ ਫੈਸਲਾ ਲੈਣ ਲਈ ਕਿਹਾ ਸੀ, ਪਰ ਸਰਕਾਰ ਨੇ ਉਸ ਨੂੰ ਖਾਰਜ ਕਰ ਦਿੱਤਾ ਸੀ। ਇਸ ਸਬੰਧੀ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਰਿਪੋਰਟ ਦਿੱਤੀ ਸੀ ਕਿ ਅੰਮਿ੍ਰਤਪਾਲ ਸਿੰਘ ਨੂੰ ਪੈਰੋਲ ਦਿੱਤੇ ਜਾਣ ਨਾਲ ਮਾਹੌਲ ਵਿਗੜ ਸਕਦਾ ਹੈ। ਦੱਸਣਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਇਸ ਸਮੇਂ ਐਨ.ਐਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।

