
ਵਿੱਤ ਮੰਤਰੀ ਹਰਪਾਲ ਚੀਮਾ ਨੇ ਕੈਪਟਨ ਨੂੰ ਦੱਸਿਆ ਭਾਜਪਾ ਦਾ ਏਜੰਟ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸੀ ਸਥਿਤੀ ਗੁੰਝਲਦਾਰ ਬਣੀ ਹੋਈ ਹੈ, ਜਿਸ ਲਈ ਭਾਜਪਾ ਨੂੰ ਅਕਾਲੀ ਦਲ ਨਾਲ ਸਮਝੌਤਾ ਕਰਨਾ ਹੀ ਪਵੇਗਾ। ਉਨ੍ਹਾਂ ਨੇ ਇਥੋਂ ਤੱਕ ਵੀ ਕਿਹਾ ਕਿ ਜੇਕਰ ਇਹ ਦੋਵੇਂ ਪਾਰਟੀਆਂ ਮਿਲ ਕੇ ਚੋਣਾਂ ਲੜਨਗੀਆਂ ਤਾਂ ਜਿੱਤ ਪੱਕੀ ਹੈ। ਕੈਪਟਨ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਇਸਦੇ ਚੱਲਦਿਆਂ ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਲ ਬਦਲਣ ਵਿਚ ਮਾਹਿਰ ਹਨ। ਚੀਮਾ ਨੇ ਕਿਹਾ ਕਿ ਜਦੋਂ ਕੈਪਟਨ ਸੱਤਾ ਵਿਚ ਸਨ ਤਾਂ ਉਨ੍ਹਾਂ ਨੇ ਭਾਜਪਾ ਦੇ ਏਜੰਟ ਵਜੋਂ ਕੰਮ ਕੀਤਾ ਅਤੇ ਹੁਣ ਉਹ ਸਾਰਿਆਂ ਨਾਲ ਮਿਲ ਕੇ ਸੱਤਾ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

