
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਵਲੋਂ ਦੇਸ਼ ਵਿਚ ਸੂਚੀਬੱਧ 16 ਹਜ਼ਾਰ ਟਰੱਕ ਡਰਾਈਵਿੰਗ ਪ੍ਰੋਗਰਾਮਾਂ ਵਿਚੋਂ ਕਰੀਬ 44 ਫੀਸਦੀ ਨੂੰ ਬੰਦ ਕਰਨ ਲਈ ਮਜਬੂਰ ਕੀਤਾ ਜਾ ਸਕਦਾ ਹੈ। ਫੈਡਰਲ ਟਰਾਂਸਪੋਰਟ ਵਿਭਾਗ ਵਲੋਂ ਇਕ ਸਮੀਖਿਆ ਦੌਰਾਨ ਇਹ ਪਾਇਆ ਗਿਆ ਕਿ ਉਹ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਟਰਾਂਸਪੋਰਟ ਵਿਭਾਗ ਦਾ ਕਹਿਣਾ ਹੈ ਕਿ ਉਹ ਕਰੀਬ 3 ਹਜ਼ਾਰ ਸਕੂਲਾਂ ਦੀ ਪ੍ਰਮਾਣਿਕਤਾ ਰੱਦ ਕਰਨ ਦੀ ਯੋਜਨਾ ਬਣਾ ਰਿਹਾ ਹੈ। ਵਿਭਾਗ ਨੇ ਇਹ ਵੀ ਕਿਹਾ ਕਿ ਇਨ੍ਹਾਂ ਸਕੂਲਾਂ ਨੂੰ ਆਪਣੇ ਵਿਦਿਆਰਥੀਆਂ ਨੂੰ ਸੂਚਿਤ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੀ ਪ੍ਰਮਾਣਿਕਤਾ ਖਤਰੇ ਵਿਚ ਹੈ। ਇਹ ਵੀ ਦੱਸਿਆ ਗਿਆ ਕਿ ਹੋਰ 4500 ਸਕੂਲਾਂ ਨੂੰ ਵੀ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਵੀ ਅਜਿਹੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਟਰਾਂਸਪੋਰਟ ਵਿਭਾਗ ਨੇ ਕਿਹਾ ਹੈ ਕਿ ਜਿਨ੍ਹਾਂ 3 ਹਜ਼ਾਰ ਸਕੂਲਾਂ ’ਤੇ ਉਹ ਕਾਰਵਾਈ ਕਰ ਰਿਹਾ ਹੈ, ਉਹ ਸਿਖਲਾਈ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿਚ ਅਸਫਲ ਰਹੇ ਹਨ।

