
ਯੂਨੀਅਨ ਨੇਤਾ ਬੋਲੇ : ਜੇਲ੍ਹਾਂ ’ਚ ਬੰਦ ਕਰਮਚਾਰੀ ਹੋਣਗੇ ਰਿਹਾਅ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੇ ਪੰਜ ਦਿਨਾਂ ਤੋਂ ਚੱਲ ਰਹੀ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਖਤਮ ਹੋ ਗਈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਇਹ ਸੰਘਰਸ਼ ਕਾਰਪੋਰੇਟ ਦੀ ਧੱਕੇਸ਼ਾਹੀ ਦੇ ਖਿਲਾਫ ਸੀ ਅਤੇ ਕਰਮਚਾਰੀਆਂ ਨੇ ਇਕਜੁੱਟ ਹੋ ਕੇ ਇਸ ਵਿਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਹੜਤਾਲ ਦੇ ਦੌਰਾਨ ਪੁਲਿਸ ਨੇ ਕਈ ਕਰਮਚਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ ਅਤੇ ਉਨ੍ਹਾਂ ਖਿਲਾਫ ਕੇਸ ਦਰਜ ਕਰ ਲਏ ਸਨ। ਉਨ੍ਹਾਂ ਦੱਸਿਆ ਕਿ ਇਹ ਹੜਤਾਲ ਜੇਲ੍ਹਾਂ ਵਿਚ ਬੰਦ ਸਾਥੀ ਕਰਮਚਾਰੀਆਂ ਦੀ ਰਿਹਾਈ ਅਤੇ ਸਾਰੇ ਕਰਮਚਾਰੀਆਂ ਨੂੰ ਨੌਕਰੀ ’ਤੇ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤੀ ਗਈ ਸੀ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੈਨੇਜਮੈਂਟ ਨੇ ਕਰਮਚਾਰੀਆਂ ਦੀਆਂ ਮੰਗਾਂ ’ਤੇ ਸਹਿਮਤੀ ਜਤਾਈ ਹੈ ਅਤੇ ਜਿਸ ਤੋਂ ਬਾਅਦ ਹੀ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਸ਼ੁੱਕਰਵਾਰ ਤੋਂ ਸਰਕਾਰੀ ਬੱਸਾਂ ਦੇ ਕੱਚੇ ਕਾਮੇ ਹੜਤਾਲ ’ਤੇ ਸਨ ਅਤੇ ਰੋਜ਼ਾਨਾ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

