
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਭਾਜਪਾ ਪੰਜਾਬ ਵਿਚ ਆਪਣੇ ਦਮ ’ਤੇ ਚੋਣਾਂ ਲੜੇਗੀ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਦਮ ਉੱਤੇ ਪੰਜਾਬ ਵਿਚ ਇਕੱਲੇ ਤੌਰ ’ਤੇ ਚੋਣ ਮੈਦਾਨ ’ਚ ਉਤਰੇਗੀ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਵਕਾਲਤ ਕੀਤੀ ਸੀ। ਇਸਦੇ ਚੱਲਦਿਆਂ ਅਸ਼ਵਨੀ ਸ਼ਰਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ ਭਾਜਪਾ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ’ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਨੂੰ ਸਹਾਇਤਾ ਦੇਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਚੀਮਾ ਨੂੰ ਸਾਡੀ ਫਿਕਰ ਨਹੀਂ ਕਰਨੀ ਚਾਹੀਦੀ ਸਗੋਂ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ।

