
ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਨਾਲ ਭੇਦਭਾਵ ਦੇ ਲਗਾਏ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮਾਮਲਾ ਅੱਜ ਦੇਸ਼ ਦੀ ਸੰਸਦ ਵਿਚ ਵੀ ਉਠਿਆ ਹੈ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਹ ਮੁੱਦਾ ਉਠਾਉਂਦਿਆਂ ਕਿਹਾ ਕਿ ਹੜ੍ਹ ਨਾਲ ਸੂਬੇ ਦੇ 2500 ਦੇ ਕਰੀਬ ਪਿੰਡ ਤਬਾਹ ਹੋ ਗਏ ਹਨ ਅਤੇ 5 ਲੱਖ ਏਕੜ ਫਸਲ ਵੀ ਖਰਾਬ ਹੋ ਗਈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰ ਸਰਕਾਰ ਦੇ ਕਈ ਮੰਤਰੀਆਂ ਨੇ ਪੰਜਾਬ ਦਾ ਦੌਰਾ ਕੀਤਾ, ਪਰ ਅਜੇ ਤੱਕ ਕੋਈ ਵੀ ਮੱਦਦ ਨਹੀਂ ਦਿੱਤੀ ਗਈ। ਮਾਲਵਿੰਦਰ ਸਿੰਘ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੀਐਮ ਮੋਦੀ ਬਿਹਾਰ ਵਿਚ ਕਰੋੜਾਂ ਦੀ ਬੋਲੀ ਲਗਾਉਂਦੇ ਹਨ, ਪਰ ਪੰਜਾਬ ਨਾਲ ਭੇਦਭਾਵ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਦੇ ਲਈ 5 ਹਜ਼ਾਰ ਕਰੋੜ ਰੁਪਏ ਦਾ ਸਪੈਸ਼ਲ ਪੈਕੇਜ ਦੇਣ ਦੀ ਮੰਗ ਕੀਤੀ ਹੈ ਤਾਂ ਕਿ ਪੰਜਾਬ ਆਪਣੇ ਪੈਰਾਂ ’ਤੇ ਖੜ੍ਹਾ ਹੋ ਸਕੇ।

