
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 25 ਦਸੰਬਰ 2025 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸੰਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2026 ਵਿਚ ਖਾਲਸਾ ਸਾਜਨਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਦਸੰਬਰ 2025 ਤੱਕ ਸ਼੍ਰੋਮਣੀ ਕਮੇਟੀ ਦਫਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

